- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਸ਼ਟ ਰੋਗ ਨੂੰ ਲੈ ਕੇ ਲੋਕਾਂ ਨੂੰ ਕੀਤਾ ਜਾਗਰੂਕ, ਸ਼ੱਕੀ ਲੱਛਣਾਂ ’ਤੇ ਤੁਰੰਤ ਜਾਂਚ ਦੀ ਅਪੀਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫ਼ਰੀਦਕੋਟ : ਗਾਂਧੀ ਜੈਅੰਤੀ ਦੇ ਮੌਕੇ ’ਤੇ ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਰੀਜ਼ਾਂ ਅਤੇ ਹਾਜ਼ਰ ਲੋਕਾਂ ਨੂੰ ਕੁਸ਼ਟ ਰੋਗ ਦੇ ਲੱਛਣਾਂ, ਇਸ ਦੀ ਪਛਾਣ, ਇਲਾਜ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਇਆ ਗਿਆ। ਇਸ ਮੌਕੇ ਚਮੜੀ ਰੋਗਾਂ ਦੇ ਮਾਹਰ ਡਾ. ਗਗਨਜੋਤ ਕੌਰ ਨੇ ਦੱਸਿਆ ਕਿ ਕੁਸ਼ਟ ਰੋਗ ਲਾਇਲਾਜ ਨਹੀਂ, ਸਗੋਂ ਸਮੇਂ ਸਿਰ ਪਛਾਣ ਹੋਣ ’ਤੇ ਇਸ ਦਾ ਪੂਰਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚਮੜੀ ’ਤੇ ਹਲਕੇ ਰੰਗ ਦੇ ਅਜਿਹੇ ਦਾਗ, ਜਿਨ੍ਹਾਂ ’ਚ ਸੁੰਨਪਣ ਮਹਿਸੂਸ ਹੋਵੇ ਜਾਂ ਪ੍ਰਭਾਵਿਤ ਹਿੱਸੇ ਦੀ ਸੰਵੇਦਨਾ ਘਟ ਜਾਵੇ, ਕੁਸ਼ਟ ਰੋਗ ਦੇ ਸੰਭਾਵਿਤ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਸਾਹਮਣੇ ਆਉਣ ’ਤੇ ਜਾਂਚ ਕਰਵਾਉਣੀ ਜ਼ਰੂਰੀ ਹੈ, ਤਾਂ ਜੋ ਬਿਮਾਰੀ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਕਰਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਡਾ. ਗਗਨਜੋਤ ਕੌਰ ਨੇ ਕਿਹਾ ਕਿ ਕੁਸ਼ਟ ਰੋਗ ਸਬੰਧੀ ਸਮਾਜ ਵਿੱਚ ਮੌਜੂਦ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਵੀ ਜਾਗਰੂਕਤਾ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਤੋਂ ਪੀੜਤ ਵਿਅਕਤੀਆਂ ਨਾਲ ਭੇਦਭਾਵ ਕਰਨ ਦੀ ਬਜਾਏ ਹਮਦਰਦੀ ਅਤੇ ਸਨਮਾਨ ਨਾਲ ਵਿਵਹਾਰ ਕੀਤਾ ਜਾਵੇ। ਇਸ ਦੌਰਾਨ ਹਰਜੀਤ ਸਿੰਘ, ਮ.ਪ.ਵ. ਅਤੇ ਦਵਿੰਦਰਪਾਲ ਸਿੰਘ, ਮ.ਪ.ਵ. ਨੇ ਵੀ ਲੋਕਾਂ ਨੂੰ ਕੁਸ਼ਟ ਰੋਗ ਦੀ ਜਲਦੀ ਪਛਾਣ, ਜਾਂਚ ਅਤੇ ਇਲਾਜ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਿਮਾਰੀ ਸਬੰਧੀ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।