- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਲੇਵਾਲਾ ਮੰਡੀ ਵਿੱਚ ਨੀਤੂ ਕਪੂਰ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ : ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੇ ਖਰੀਦ ਕੇਂਦਰ ਗੋਲੇਵਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਬੋਲੀ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਵੱਲੋਂ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫ਼ਸਲ ਲੈ ਕੇ ਪਹੁੰਚੇ ਕਿਸਾਨ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਸੰਧੂ ਕਮਿਸ਼ਨ ਏਜੰਟ ਦੀ ਆੜ੍ਹਤ ’ਤੇ ਕਿਸਾਨ ਚਰਨਜੀਤ ਸਿੰਘ ਦੀ ਪਹਿਲੀ ਢੇਰੀ ਸਰਕਾਰੀ ਸਮਰਥਨ ਮੁੱਲ ’ਤੇ ਪਨਸਪ ਨੂੰ ਲਿਖਾਈ। ਦਾਣਾ ਮੰਡੀ ਗੋਲੇਵਾਲਾ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਨੀਤੂ ਕਪੂਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰੱਕ ਅਪਰੇਟਰਾਂ ਦੇ ਸਹਿਯੋਗ ਨਾਲ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਬਾਰਦਾਨੇ ਅਤੇ ਲੋਡਿੰਗ-ਅਨਲੋਡਿੰਗ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਗਰੀਸ਼ ਛਾਬੜਾ, ਸੁਰਜੀਤ ਸਿੰਘ, ਬਲਦੇਵ ਸਿੰਘ, ਵਿਕਾਸ ਗਰਗ ਅਤੇ ਖਰੀਦ ਇੰਸਪੈਕਟਰ ਪਰਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।