- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਜ਼ੋਨਲ ਟੂਰਨਾਮੈਂਟ ’ਚ ਮਾਊਂਟ ਲਿਟਰਾ ਜ਼ੀ ਸਕੂਲ ਦੀਆਂ ਖਿਡਾਰਨਾਂ ਨੇ ਗੱਡੇ ਜਿੱਤ ਦੇ ਝੰਡੇ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਫ਼ਰੀਦਕੋਟ ਜ਼ੋਨਲ ਸਕੂਲ ਟੂਰਨਾਮੈਂਟ ਵਿੱਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੀਆਂ ਖਿਡਾਰਨਾਂ ਨੇ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਲੜਕੀਆਂ ਦੀ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਂ ਕੀਤੀ। ਅਥਲੈਟਿਕਸ ਮੁਕਾਬਲਿਆਂ ਵਿੱਚ ਸਕੂਲ ਦੀਆਂ ਖਿਡਾਰਨਾਂ ਨੇ ਕੁੱਲ 12 ਤਗਮੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਵਰਗ ਵਿੱਚ ਪਵਨਪ੍ਰੀਤ ਕੌਰ ਨੇ 100 ਮੀਟਰ ਦੌੜ ਅਤੇ ਲੰਬੀ ਛਾਲ ਵਿੱਚ ਸੋਨੇ ਦੇ ਤਗਮੇ ਜਿੱਤੇ। ਜੈਸਮੀਨ ਨੇ ਲੰਬੀ ਛਾਲ ਵਿੱਚ ਚਾਂਦੀ ਅਤੇ 100 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਦੀਸ਼ਿਕਾ ਨੇ ਜੈਵਲਿਨ ਥ੍ਰੋ ਵਿੱਚ ਸੋਨੇ ਦਾ ਤਗਮਾ ਜਿੱਤਿਆ। ਪਵਨਦੀਪ ਕੌਰ ਨੇ ਡਿਸਕਸ ਥ੍ਰੋ ਅਤੇ ਸ਼ਾਟ ਪੁਟ ਵਿੱਚ ਚਾਂਦੀ ਦੇ ਤਗਮੇ ਆਪਣੇ ਨਾਂ ਕੀਤੇ। ਅਰਸ਼ਪ੍ਰੀਤ ਕੌਰ ਨੇ 200 ਮੀਟਰ ਅਤੇ 400 ਮੀਟਰ ਦੌੜ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਆਪਣੀ ਤੇਜ਼ ਰਫ਼ਤਾਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-19 ਵਰਗ ਵਿੱਚ ਅੰਸ਼ਪ੍ਰੀਤ ਕੌਰ ਨੇ ਲੰਬੀ ਛਾਲ ਅਤੇ ਤੀਹਰੀ ਛਾਲ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨਲਾਲ ਗੁਲਾਟੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਖਿਡਾਰਨਾਂ ਦੀ ਤਿਆਰੀ ਅਤੇ ਮਾਰਗਦਰਸ਼ਨ ਲਈ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਖਿਡਾਰਨਾਂ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣਗੀਆਂ।