- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੇ ਤੋਂ ਲੈ ਕੇ ਸਿਹਤ, ਰੁਜ਼ਗਾਰ ਤੇ ਰਾਸ਼ਨ ਤੱਕ, ਹਰਸਿਮਰਤ ਬਾਦਲ ਨੇ ਫ਼ਰੀਦਕੋਟ ਤੋਂ ਕੀਤੇ ਕਈ ਵੱਡੇ ਐਲਾਨ

ਮਾਈ ਭਾਗੋ ਦੇ ਨਾਂ ’ਤੇ ਬਣੇਗੀ ਮਹਿਲਾ ਫ਼ੌਜ, ਇਲਾਜ ਲਈ 25 ਲੱਖ ਤੱਕ ਦੇ ਬੀਮੇ ਦਾ ਵਾਅਦਾ
ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫ਼ਰੀਦਕੋਟ ਵਿੱਚ ਪੰਜਾਬ ਸਰਕਾਰ ਨੂੰ ਨਸ਼ਿਆਂ, ਭ੍ਰਿਸ਼ਟਾਚਾਰ, ਵਧਦੇ ਕਰਜ਼ੇ ਅਤੇ ਅਮਨ-ਕਾਨੂੰਨ ਦੀ ਸਥਿਤੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਘੇਰਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਖ਼ਿਲਾਫ਼ ਮਹਿਲਾ ਫ਼ੌਜ ਬਣਾਉਣ ਤੋਂ ਲੈ ਕੇ ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ, ਸਿਹਤ ਬੀਮਾ, ਸਸਤੀ ਕਣਕ ਅਤੇ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਦੇਣ ਤੱਕ ਕਈ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਹਰਸਿਮਰਤ ਕੌਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੇ ਹਰ ਪਿੰਡ ਵਿੱਚ ਮਾਈ ਭਾਗੋ ਦੇ ਨਾਂ ’ਤੇ ਮਾਵਾਂ-ਧੀਆਂ ਦੀ ਫ਼ੌਜ ਬਣਾਈ ਜਾਵੇਗੀ। ਇਸ ਦਾ ਉਦੇਸ਼ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨਾ ਅਤੇ ਪਿੰਡ ਪੱਧਰ ’ਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਮਹਿਲਾ ਡੀਜੀਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫ਼ੋਰਸ ਗਠਿਤ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲਈ ਹੈਲਪਲਾਈਨ ਵੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰੀ ਵਿੱਚ ਫੜੇ ਜਾਣ ਵਾਲੇ ਮੁਲਜ਼ਮਾਂ ਨੂੰ ਘੱਟੋ-ਘੱਟ 10 ਸਾਲ ਤੱਕ ਜੇਲ੍ਹ ਵਿੱਚ ਰੱਖਣ ਅਤੇ ਜ਼ਮਾਨਤ ਦਾ ਵਿਰੋਧ ਕਰਨ ਲਈ ਸਖ਼ਤ ਕਾਨੂੰਨੀ ਵਿਵਸਥਾ ਲਿਆਉਣ ਦਾ ਵਾਅਦਾ ਕੀਤਾ ਜਾਵੇਗਾ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਨਸ਼ੇ ਖ਼ਤਮ ਕਰਨ ਲਈ ਕੀਤੇ ਵਾਅਦਿਆਂ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਰਕਰਾਰ ਹੈ।
ਢਿੱਲਵਾਂ ਦੀ ਘਟਨਾ ਦਾ ਕੀਤਾ ਜ਼ਿਕਰ
ਹਰਸਿਮਰਤ ਕੌਰ ਬਾਦਲ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦਾ ਜ਼ਿਕਰ ਕਰਦਿਆਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਖ਼ਿਲਾਫ਼ ਬਣਾਈ ਗਈ ਟਾਸਕ ਫ਼ੋਰਸ ਨਾਲ ਜੁੜੇ ਮਾਮਲੇ ਵਿੱਚ ਸਰਪੰਚ ਨੂੰ ਗੋਲੀ ਮਾਰਨ ਦੀ ਘਟਨਾ ਤੋਂ ਬਾਅਦ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ ਅਤੇ ਸ਼ਿਕਾਇਤ ਕਰਨ ਵਾਲੇ ਪਰਿਵਾਰਾਂ ਨੂੰ ਕਥਿਤ ਤੌਰ ’ਤੇ ਡਰਾਉਣ-ਧਮਕਾਉਣ ਦੀ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ।
ਨੌਜਵਾਨਾਂ ਨੂੰ ਕਾਰੋਬਾਰ ਲਈ ਮਿਲਣਗੇ ਲਈ 10 ਲੱਖ ਰੁਪਏ
ਅਕਾਲੀ ਆਗੂ ਨੇ ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਲਈ ਵੀ ਕਈ ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਆਪਣਾ ਕੰਮ ਜਾਂ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਲੋਕਾਂ ਦੇ ਇਲਾਜ ਲਈ 25 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਂਦੀ 30 ਕਿਲੋ ਕਣਕ ਦੀ ਸਹੂਲਤ ਮੁੜ ਸ਼ੁਰੂ ਕੀਤੀ ਜਾਵੇਗੀ। ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਮੌਕੇ ਇੱਕ ਲੱਖ ਰੁਪਏ ਸ਼ਗਨ ਦੇਣ ਦਾ ਵਾਅਦਾ ਵੀ ਕੀਤਾ ਗਿਆ। ਇਨ੍ਹਾਂ ਐਲਾਨਾਂ ਨੂੰ ਉਨ੍ਹਾਂ ਨੇ ਆਮ ਪਰਿਵਾਰਾਂ ਦੀ ਆਰਥਿਕ ਮਦਦ ਅਤੇ ਸਮਾਜਿਕ ਸੁਰੱਖਿਆ ਨਾਲ ਜੋੜਿਆ।
ਭ੍ਰਿਸ਼ਟਾਚਾਰ ਤੇ ਕਰਜ਼ੇ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ
ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਜ਼ਮੀਨਾਂ ਦੇ ਸੌਦਿਆਂ, ਤਬਾਦਲਿਆਂ ਅਤੇ ਨੌਕਰੀਆਂ ਨਾਲ ਜੁੜੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਗਮਾਡਾ ਨਾਲ ਸਬੰਧਤ ਜ਼ਮੀਨੀ ਸੌਦਿਆਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਕਿਸਾਨਾਂ ਦੀ ਜ਼ਮੀਨ ਘੱਟ ਕੀਮਤ ’ਤੇ ਖ਼ਰੀਦ ਕੇ ਬਿਲਡਰਾਂ ਨੂੰ ਵੱਧ ਕੀਮਤ ’ਤੇ ਵੇਚਣ ਦੇ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਪੰਜਾਬ ਦੇ ਵਧਦੇ ਕਰਜ਼ੇ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕਰਜ਼ਾ ਵਧਣ ਦੇ ਬਾਵਜੂਦ ਸਿਹਤ, ਸਿੱਖਿਆ ਅਤੇ ਉਦਯੋਗਿਕ ਵਿਕਾਸ ਦੇ ਖੇਤਰਾਂ ਵਿੱਚ ਲੋਕਾਂ ਨੂੰ ਉਮੀਦ ਮੁਤਾਬਕ ਬਦਲਾਅ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਗੈਂਗਸਟਰਵਾਦ, ਫਿਰੌਤੀ, ਲੁੱਟ-ਖੋਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਸਰਕਾਰ ਦੀ ਆਲੋਚਨਾ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਬਾਹਰ ਕੱਢਣ ਲਈ ਸਰਕਾਰ, ਸਮਾਜ ਅਤੇ ਪਰਿਵਾਰਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਪਰਿਵਾਰਾਂ ਨੂੰ ਸਿਹਤ ਤੇ ਆਰਥਿਕ ਸਹੂਲਤਾਂ ਦੇਣ ਲਈ ਕੀਤੇ ਵਾਅਦੇ ਲਾਗੂ ਕੀਤੇ ਜਾਣਗੇ।