- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਗੋ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਹੋਏ ਨਤਮਸਤਕ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਫ਼ਰੀਦਕੋਟ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਗੋ ਨੇ ਅੱਜ ਇਤਿਹਾਸਕ ਨਗਰੀ ਫ਼ਰੀਦਕੋਟ ਵਿਖੇ ਸਥਿਤ ਪਵਿੱਤਰ ਅਸਥਾਨ ਟਿੱਲਾ ਬਾਬਾ ਸ਼ੇਖ ਫ਼ਰੀਦ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਫ਼ਰੀਦ ਜੀ ਦੀ ਮਹਾਨ ਵਿਚਾਰਧਾਰਾ ਨੂੰ ਯਾਦ ਕਰਦਿਆਂ ਮਨੁੱਖਤਾ ਦੀ ਭਲਾਈ, ਆਪਸੀ ਪਿਆਰ ਅਤੇ ਸਮਾਜਿਕ ਸਾਂਝ ਦੇ ਸੰਦੇਸ਼ ਨੂੰ ਅਹਿਮ ਦੱਸਿਆ। ਬਾਬਾ ਫ਼ਰੀਦ ਜੀ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਨੇ ਆਪਣੀ ਇਲਾਹੀ ਬਾਣੀ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ-ਸੰਤੋਖ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਅੱਜ ਵੀ ਮਨੁੱਖ ਨੂੰ ਨੇਕ ਜੀਵਨ ਜਿਊਣ ਅਤੇ ਸਮਾਜ ਵਿੱਚ ਸਦਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਜੀ ਦੀ ਵਿਚਾਰਧਾਰਾ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਮਹੱਤਵਪੂਰਨ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣ ਨਾਲ ਮਨੁੱਖ ਨੂੰ ਆਤਮਿਕ ਸਕੂਨ ਅਤੇ ਮਾਨਸਿਕ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ। ਇਸ ਦੌਰਾਨ ਗ੍ਰੰਥੀ ਸਿੰਘ ਵੱਲੋਂ ਪ੍ਰਿਯੰਕ ਕਾਨੂੰਗੋ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਇੰਦਰਜੀਤ ਸਿੰਘ ਖਾਲਸਾ ਵੱਲੋਂ ਬਾਬਾ ਫ਼ਰੀਦ ਜੀ ਦੇ ਜੀਵਨ ਅਤੇ ਫ਼ਰੀਦਕੋਟ ਦੇ ਇਤਿਹਾਸ ਨਾਲ ਸਬੰਧਤ ਲਿਖੀਆਂ ਪੁਸਤਕਾਂ ਵੀ ਉਨ੍ਹਾਂ ਨੂੰ ਭੇਟ ਕੀਤੀਆਂ ਗਈਆਂ। ਇਸ ਮੌਕੇ ਸੰਸਥਾਵਾਂ ਦੇ ਮੈਂਬਰ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਡਾ. ਗੁਰਿੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌੜੀਆ ਅਤੇ ਨਰਿੰਦਰ ਪਾਲ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।