- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
17 ਤੋਂ 23 ਅਕਤੂਬਰ ਤੱਕ ਫ਼ਰੀਦਕੋਟ ’ਚ ਖੇਡਾਂ ਦਾ ਮਹਾਕੁੰਭ, ਖਿਡਾਰੀਆਂ ਦੀਆਂ ਸਹੂਲਤਾਂ ’ਤੇ ਪ੍ਰਸ਼ਾਸਨ ਦਾ ਜ਼ੋਰ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਫ਼ਰੀਦਕੋਟ ਵਿੱਚ 17 ਤੋਂ 23 ਅਕਤੂਬਰ ਤੱਕ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਖੇਡ ਮੁਕਾਬਲਿਆਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚਣ ਵਾਲੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਖੇਡਾਂ ਦੇ ਪ੍ਰਬੰਧਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਹੁਣ ਤੱਕ ਕੀਤੀਆਂ ਤਿਆਰੀਆਂ ਦੀ ਜਾਣਕਾਰੀ ਲੈਂਦਿਆਂ ਖਿਡਾਰੀਆਂ ਦੇ ਰਹਿਣ-ਸਹਿਣ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈਣ ਲਈ ਆਉਣ ਵਾਲੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਾਰੇ ਸਬੰਧਤ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਸਮੇਂ ਸਿਰ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਖਿਡਾਰੀਆਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਵਿਸ਼ੇਸ਼ ਤਰਜੀਹ ਦੇਣ ਦੀ ਹਦਾਇਤ ਵੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ੋਰ ਦਿੱਤਾ ਕਿ ਖੇਡਾਂ ਦੇ ਆਯੋਜਨ ਲਈ ਕੀਤੇ ਜਾਣ ਵਾਲੇ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ, ਤਾਂ ਜੋ ਮੁਕਾਬਲਿਆਂ ਦੌਰਾਨ ਕਿਸੇ ਕਿਸਮ ਦੀ ਅਣਸੁਖਾਵੀਂ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇ। ਜ਼ਿਕਰਯੋਗ ਹੈ ਕਿ 17 ਤੋਂ 23 ਅਕਤੂਬਰ ਤੱਕ ਹੋਣ ਵਾਲੀਆਂ ਇਨ੍ਹਾਂ ਰਾਜ ਪੱਧਰੀ ਖੇਡਾਂ ਦੀ ਮੇਜ਼ਬਾਨੀ ਲਈ ਫ਼ਰੀਦਕੋਟ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।