ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, 10 ਸਾਲ ਦੀ ਸਜ਼ਾ ਲਈ ਕਾਨੂੰਨ ਲਿਆਵਾਂਗੇ: ਹਰਸਿਮਰਤ ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, 10 ਸਾਲ ਦੀ ਸਜ਼ਾ ਲਈ ਕਾਨੂੰਨ ਲਿਆਵਾਂਗੇ: ਹਰਸਿਮਰਤ ਕੌਰ ਬਾਦਲ in
Publish Date: Sat, 10 Oct 2026 04:21 PM (IST)
Updated Date: Sun, 11 Oct 2026 04:03 AM (IST)
ਹਲਕਾ ਕੋਟਕਪੂਰਾ ਵਿੱਚ ਮਾਵਾਂ-ਧੀਆਂ ਦੀ ਲਲਕਾਰ ਯਾਤਰਾ ਦੌਰਾਨ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਦਾ ਐਲਾਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ: ਕੋਟਕਪੂਰਾ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਲਿਆਉਣ ਦਾ ਐਲਾਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਵਿਵਸਥਾ ਕੀਤੀ ਜਾਵੇਗੀ। ਇਸ ਤਹਿਤ ਨਸ਼ਾ ਵੇਚਣ ਦੇ ਦੋਸ਼ ਹੇਠ ਫੜੇ ਜਾਣ ਵਾਲਿਆਂ ਨੂੰ 10 ਸਾਲ ਦੀ ਸਜ਼ਾ ਦਿਵਾਉਣ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਲਈ ਕਾਨੂੰਨ ਲਿਆਂਦਾ ਜਾਵੇਗਾ। ਹਲਕਾ ਕੋਟਕਪੂਰਾ ਸਮੇਤ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ ਅਤੇ ਕਈ ਪਰਿਵਾਰ ਆਪਣੇ ਪੁੱਤਰ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਪਰਿਵਾਰਾਂ ਲਈ ਅਸਹਿ ਦੁੱਖ ਦਾ ਕਾਰਨ ਬਣ ਰਹੀਆਂ ਹਨ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਿਆਸੀ ਮੁੱਦਾ ਨਹੀਂ, ਸਗੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਸਾਂਝੀ ਜ਼ਿੰਮੇਵਾਰੀ ਵਜੋਂ ਦੇਖਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਵਿੱਚ ਵਧ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ’ਤੇ ਵੀ ਚਿੰਤਾ ਪ੍ਰਗਟਾਈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਇਸ ਤੋਂ ਪ੍ਰਾਪਤ ਹੋਣ ਵਾਲੀ ਰਕਮ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਅਤੇ ਬੱਚਿਆਂ ਦੇ ਭਵਿੱਖ ਲਈ ਵਰਤਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਸਿਰਫ਼ ਸਜ਼ਾ ਦੇਣ ਦੀ ਬਜਾਏ ਸਰਕਾਰੀ ਖ਼ਰਚੇ ’ਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਹੁਨਰ ਸਿਖਾ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ। ਉਨ੍ਹਾਂ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਮੁਹੱਲਿਆਂ ਵਿੱਚ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਹਲਕਾ ਕੋਟਕਪੂਰਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਤਾਰ ਸਿੰਘ ਬਰਾੜ ਨੇ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਦੀ ਸ਼ਮੂਲੀਅਤ ਅਤੇ ਸੰਬੋਧਨ ਲਈ ਧੰਨਵਾਦ ਕਰਦਿਆਂ ਪਾਰਟੀ ਆਗੂਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਗੈਂਗਸਟਰਵਾਦ ਦਾ ਖ਼ਾਤਮਾ ਕਰਨ ਤੇ ਸੂਬੇ ’ਚ ਅਮਨ-ਸ਼ਾਂਤੀ ਵਾਲਾ ਮਾਹੌਲ ਕਾਇਮ ਕਰਨ ਦਾ ਸੱਦਾ ਦਿੱਤਾ।