ਭਾਜਪਾ ਵਪਾਰ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਭਾਜਪਾ ਵਪਾਰ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਭਾਈ ਰਾਹੁਲ ਸਿੱਧੂ ਨੇ ਸੌਂਪੇ ਨਿਯੁਕਤੀ ਪੱਤਰ
Publish Date: Sat, 10 Oct 2026 06:38 PM (IST)
Updated Date: Sun, 11 Oct 2026 04:05 AM (IST)
ਨਵਿਤ ਗੁਪਤਾ ਨੂੰ ਵਪਾਰ ਸੈੱਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨ ਦਾ ਦਿੱਤਾ ਭਰੋਸਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਭਾਰਤੀ ਜਨਤਾ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੱਧੂ ਵੱਲੋਂ ਬੱਤੀਆਂ ਵਾਲਾ ਚੌਕ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਭਾਜਪਾ ਦੇ ਵਪਾਰ ਸੈੱਲ ਦੇ ਨਵ-ਨਿਯੁਕਤ ਪ੍ਰਧਾਨ ਨਵਿਤ ਗੁਪਤਾ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਕਿਸੇ ਵੀ ਖੇਤਰ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਨਵੀਂ ਟੀਮ ਨੂੰ ਅਪੀਲ ਕੀਤੀ ਕਿ ਉਹ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਦੇ ਪੱਧਰ ’ਤੇ ਉਠਾਉਣ। ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਅਨੁਸਾਰ ਵਪਾਰ ਸੈੱਲ ਦੀ ਨਵੀਂ ਟੀਮ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਇਨ੍ਹਾਂ ਯੋਜਨਾਵਾਂ ਬਾਰੇ ਵਪਾਰੀਆਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਉਹ ਹਲਕਾ ਕੋਟਕਪੂਰਾ ਦੇ ਵਿਕਾਸ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਨਸ਼ਾ ਨਹੀਂ, ਰੁਜ਼ਗਾਰ ਦਿਓ’ ਮੁਹਿੰਮ ਵਿੱਚ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨਵਿਤ ਗੁਪਤਾ ਅਤੇ ਉਨ੍ਹਾਂ ਦੀ ਟੀਮ ਦੇ ਅਹੁਦੇਦਾਰਾਂ ਨੇ ਭਾਈ ਰਾਹੁਲ ਸਿੱਧੂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਠਾਉਣ ਦੇ ਨਾਲ-ਨਾਲ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।