- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲਾਇੰਸ ਇੰਟਰਨੈਸ਼ਨਲ ਸਕੂਲ ਵਿੱਚ ਨੰਨ੍ਹੇ ਵਿਦਿਆਰਥੀਆਂ ਨੇ ਡਾਂਸ ਰਾਹੀਂ ਬਿਖੇਰੇ ਰੰਗ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜੈਤੋ: ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਵਿਖੇ ਨੰਨ੍ਹੇ ਵਿਦਿਆਰਥੀਆਂ ਦੀ ਕਲਾ ਅਤੇ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੱਛਮੀ ਡਾਂਸ ਮੁਕਾਬਲਾ ਕਰਵਾਇਆ ਗਿਆ। ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਮੁਕਾਬਲੇ ਦੌਰਾਨ ਬੱਚਿਆਂ ਨੇ ਰੰਗ-ਬਿਰੰਗੇ ਪਹਿਰਾਵਿਆਂ ਵਿੱਚ ਸੰਗੀਤ ਦੀਆਂ ਧੁਨਾਂ ’ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਆਤਮ-ਵਿਸ਼ਵਾਸ, ਤਾਲਮੇਲ ਅਤੇ ਨੱਚਣ ਦੇ ਅੰਦਾਜ਼ ਨੇ ਸਮਾਗਮ ਨੂੰ ਰੌਣਕਮਈ ਬਣਾ ਦਿੱਤਾ। ਛੋਟੀ ਉਮਰ ਵਿੱਚ ਬੱਚਿਆਂ ਦੀ ਮੰਚ ’ਤੇ ਪੇਸ਼ਕਾਰੀ ਦੇਖ ਕੇ ਹਾਜ਼ਰ ਲੋਕਾਂ ਨੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਮੁਕਾਬਲੇ ਵਿੱਚ ਦਿਕਸ਼ਿਤ ਬਾਂਸਲ ਅਤੇ ਰਹਿਮਤ ਕੌਰ, ਜੋ ਜਸਬੀਰ ਸਿੰਘ ਦੀ ਧੀ ਹੈ, ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਧਰੁਵਿਸ਼ ਕੈਥ ਅਤੇ ਅਨਹਦ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਅੰਦਰ ਆਤਮ-ਵਿਸ਼ਵਾਸ ਵਧਾਉਣਾ, ਉਨ੍ਹਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਮੰਚ ’ਤੇ ਆਪਣੀ ਪ੍ਰਤਿਭਾ ਪੇਸ਼ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਹਨ। ਅਜਿਹੇ ਮੰਚ ਬੱਚਿਆਂ ਦੀਆਂ ਰੁਚੀਆਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੇ ਹਨ।