- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 13 ਹੌਟਸਪੌਟਾਂ ’ਤੇ ਛਾਪੇ; 22 ਸ਼ੱਕੀ ਕਾਬੂ

200 ਪੁਲਿਸ ਕਰਮਚਾਰੀਆਂ ਦੀਆਂ ਟੀਮਾਂ ਨੇ 13 ਸਰਗਰਮ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ,
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਸਵੇਰੇ 6 ਵਜੇ ਸ਼ੁਰੂ ਹੋਏ ਇਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੇ 13 ਡਰੱਗ ਹੌਟਸਪੌਟਾਂ ਦੀ ਜਾਂਚ ਕੀਤੀ ਅਤੇ 22 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ। ਇਸ ਮੁਹਿੰਮ ਵਿੱਚ ਕਰੀਬ 200 ਪੁਲਿਸ ਮੁਲਾਜ਼ਮ ਸ਼ਾਮਲ ਹੋਏ। ਪੁਲਿਸ ਅਨੁਸਾਰ ਇਹ ਕਾਰਵਾਈ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ, ਪਹਿਲਾਂ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਵਾਲੇ ਵਿਅਕਤੀਆਂ ਅਤੇ ਅਪਰਾਧਿਕ ਪਿਛੋਕੜ ਵਾਲੇ ਸ਼ੱਕੀਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨਾਂ ਦੀ ਤਲਾਸ਼ੀ ਵੀ ਲਈ ਗਈ। ਸ਼ੱਕੀ ਇਲਾਕਿਆਂ ਦੀ ਘੇਰਾਬੰਦੀ ਕਰਕੇ ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਸਬੰਧੀ ਐਪ ਰਾਹੀਂ ਵੀ ਜਾਂਚ ਕੀਤੀ ਗਈ। ਫ਼ਰੀਦਕੋਟ ਪੁਲਿਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜੂਨ ਤੋਂ ਸਤੰਬਰ 2026 ਤੱਕ ਨਸ਼ਾ ਤਸਕਰੀ ਨਾਲ ਸਬੰਧਤ ਕਾਰਵਾਈਆਂ ਦੌਰਾਨ 527 ਮੁਕੱਦਮੇ ਦਰਜ ਕਰਕੇ 763 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਦੌਰਾਨ ਪੁਲਿਸ ਨੇ ਕੁੱਲ 81 ਕਿਲੋ 882 ਗ੍ਰਾਮ ਹੈਰੋਇਨ, 79 ਕਿਲੋ ਪੋਸਤ, 8,538 ਨਸ਼ੀਲੀਆਂ ਗੋਲੀਆਂ, 2 ਕਿਲੋ 287 ਗ੍ਰਾਮ ਅਫ਼ੀਮ ਅਤੇ ਕਰੀਬ 76 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਨੇ ਨਸ਼ਾ ਤਸਕਰੀ ਰਾਹੀਂ ਬਣਾਈ ਜਾਇਦਾਦ ਵਿਰੁੱਧ ਵੀ ਕਾਰਵਾਈ ਕੀਤੀ ਹੈ। ਜਾਰੀ ਜਾਣਕਾਰੀ ਮੁਤਾਬਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ 9 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜਾਇਦਾਦ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਲੈਣ ਉਪਰੰਤ ਫ੍ਰੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਛਲੇ ਤਿੰਨ ਮਹੀਨਿਆਂ ਦੌਰਾਨ 19 ਪਿਸਤੌਲ ਅਤੇ ਇੱਕ ਪਾਈਪ ਗੰਨ ਵੀ ਬਰਾਮਦ ਕੀਤੀ ਗਈ।
541 ਵਿਅਕਤੀ ਨਸ਼ਾ ਛੁਡਾਉ ਕੈਂਦਰ ’ਚ ਦਾਖਲ ਕਰਵਾਏ
ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਇਸ ਆਦਤ ਤੋਂ ਬਾਹਰ ਕੱਢਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਦੇ ਅੰਕੜਿਆਂ ਅਨੁਸਾਰ ਸਾਲ 2026 ਦੌਰਾਨ ਹੁਣ ਤੱਕ 541 ਨਸ਼ਾ ਪੀੜਤ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਤਰ੍ਹਾਂ 280 ਤੋਂ ਵੱਧ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੇਫ਼ ਪੰਜਾਬ ਹੈਲਪਲਾਈਨ ਰਾਹੀਂ ਵੀ ਜ਼ਿਲ੍ਹੇ ਦੇ ਲੋਕਾਂ ਨੇ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਹੈ। ਪੁਲਿਸ ਅਨੁਸਾਰ ਇਸ ਹੈਲਪਲਾਈਨ ਰਾਹੀਂ ਮਿਲੀਆਂ 764 ਸ਼ਿਕਾਇਤਾਂ ਦੀ ਤਸਦੀਕ ਕਰਨ ਤੋਂ ਬਾਅਦ 686 ਮੁਕੱਦਮੇ ਦਰਜ ਕੀਤੇ ਗਏ ਅਤੇ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ।
ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੇ ਨਿਰਦੇਸ਼
ਇਸ ਸਬੰਧੀ ਐਸਐਸਪੀ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਅਤੇ ਅੱਗੇ ਕੀਤੀ ਜਾਂਦੀ ਸਪਲਾਈ ਨਾਲ ਜੁੜੇ ਸਬੰਧਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਨਸ਼ਾ ਤਸਕਰੀ ਵਿੱਚ ਸ਼ਾਮਲ ਪੂਰੇ ਨੈੱਟਵਰਕ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਵੱਲੋਂ ਕਾਰਵਾਈ, ਜਾਇਦਾਦਾਂ ਫ੍ਰੀਜ਼ ਕਰਨ, ਜਾਗਰੂਕਤਾ ਅਤੇ ਨਸ਼ਾ ਪੀੜਤਾਂ ਦੇ ਇਲਾਜ ਲਈ ਯਤਨ ਜਾਰੀ ਰਹਿਣਗੇ। ਫ਼ਰੀਦਕੋਟ ਪੁਲਿਸ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।