- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿੱਚ ਸਿੱਖਿਆ ਸਨਮਾਨ ਸਮਾਰੋਹ ਕਰਵਾਇਆ

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ: ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਮੋਰਾਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਪ੍ਰਿੰਸੀਪਲ ਵਰਿੰਦਰ ਸਲਹੋਤਰਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਬਾਬਾ ਗੁਰਮੀਤ ਸਿੰਘ ਖੋਸਾ ਪਾਂਡੋ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਦੀਆਂ ਵਿੱਦਿਅਕ, ਖੇਡਾਂ, ਕਲਾ, ਅਨੁਸ਼ਾਸਨ ਅਤੇ ਵਾਤਾਵਰਨ ਸੰਭਾਲ ਦੇ ਖੇਤਰ ਵਿੱਚ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਇੰਚਾਰਜ ਡਾ. ਦੇਵਿੰਦਰ ਸੈਫ਼ੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੀ ਭਲਾਈ ਲਈ ਉਲੀਕੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਸਟੇਜ ਸਕੱਤਰ ਮਨੋਜ ਵਧਾਵਨ ਨੇ ਸਕੂਲ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੇਰਵਾ ਪੇਸ਼ ਕੀਤਾ। ਸਰਪੰਚ ਸਰਬਜੀਤ ਸਿੰਘ ਫੌਜੀ ਦੇ ਵਿਸ਼ੇਸ਼ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕੀਤੇ ਗਏ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਦੇ ਅਨੁਸ਼ਾਸਨ ਅਤੇ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦਾ ਸਮਰਪਣ ਦੇਖ ਕੇ ਮਨ ਖ਼ੁਸ਼ ਹੋਇਆ ਹੈ। ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ, ਸਰਪੰਚ ਸਰਬਜੀਤ ਸਿੰਘ ਅਤੇ ਲੈਕਚਰਾਰ ਡਾ. ਦੇਵਿੰਦਰ ਸੈਫ਼ੀ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਦੇ ਸਫ਼ਲ ਆਯੋਜਨ ਲਈ ਸਕੂਲ ਸਟਾਫ਼ ਅਤੇ ਪੰਚਾਇਤ ਨੂੰ ਵਧਾਈ ਦਿੱਤੀ ਅਤੇ ਸਕੂਲ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਬਾਬਾ ਗੁਰਮੀਤ ਸਿੰਘ ਖੋਸਾ ਪਾਂਡੋ ਨੇ ਆਪਣੇ ਸੰਬੋਧਨ ਦੌਰਾਨ ਮਨੁੱਖ ਦੇ ਅੰਦਰਲੇ ਵਿਕਾਰਾਂ ਅਤੇ ਜ਼ੁਲਮ ਦੀ ਪ੍ਰਵਿਰਤੀ ਬਾਰੇ ਵਿਗਿਆਨਕ ਢੰਗ ਨਾਲ ਵਿਚਾਰ ਪੇਸ਼ ਕਰਦਿਆਂ ਪਰਉਪਕਾਰੀ ਜੀਵਨ ਜਿਊਣ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀਆਂ ਗੱਲਾਂ ਨੂੰ ਪਿੰਡ ਵਾਸੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਧਿਆਨ ਨਾਲ ਸੁਣਿਆ। ਸਰਪੰਚ ਸਰਬਜੀਤ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਪਿੰਡ ਦੀਆਂ ਲੋੜਾਂ ਅਤੇ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਭਾਈ ਘਨੱਈਆ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਕੋਟਕਪੂਰਾ, ਜਨਰਲ ਸਕੱਤਰ ਮੱਘਰ ਸਿੰਘ, ਕਾਰਜਕਾਰੀ ਪ੍ਰਧਾਨ ਹਰਵਿੰਦਰ ਸਿੰਘ ਮਰਵਾਹ ਅਤੇ ਸੀਨੀਅਰ ਮੈਂਬਰ ਗੁਰਮੀਤ ਸਿੰਘ ਸੰਧੂ ਭਾਊ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਦੇਣ ਵਾਲੀਆਂ ਕਾਪੀਆਂ ਭੇਟ ਕੀਤੀਆਂ। ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵੀ ਵਾਤਾਵਰਨ ਦੀ ਰੱਖਿਆ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਿਆਂ ਆਪਣੇ ਤਜਰਬੇ ਸਾਂਝੇ ਕੀਤੇ। ਸਮਾਗਮ ਦੌਰਾਨ ਵਾਤਾਵਰਨ ਸੰਭਾਲ ਅਤੇ ਮਾਂ-ਬੋਲੀ ਪੰਜਾਬੀ ਪ੍ਰਤੀ ਪਿਆਰ ਦਾ ਸੁਨੇਹਾ ਦਿੰਦੇ ਗੀਤ ਪੇਸ਼ ਕਰਨ ਵਾਲੇ ਵਿਦਿਆਰਥੀਆਂ ਜਸਕਰਨ, ਪ੍ਰਭਜੋਤ ਅਤੇ ਦਵਿੰਦਰ ਸਿੰਘ ਨੇ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਇਸ ਤੋਂ ਇਲਾਵਾ ਪਿੰਡ ਦੇ ਹੋਣਹਾਰ ਵਿਅਕਤੀਆਂ ਹਰਕਮਲ ਸਿੰਘ ਏਡੀਓ, ਐਡਵੋਕੇਟ ਅਮਨਪ੍ਰੀਤ ਕੌਰ ਅਤੇ ਅਧਿਆਪਕਾ ਅਮਨਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤਿੰਨਾਂ ਨੇ ਇਸੇ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਕੇ ਆਪਣੇ ਖੇਤਰ ਵਿੱਚ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ। ਅਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੇ ਸਕੂਲ ਦੀ ਭਲਾਈ ਲਈ 1,100-1,100 ਰੁਪਏ ਦੀ ਵਿੱਤੀ ਸਹਾਇਤਾ ਵੀ ਭੇਟ ਕੀਤੀ। ਸਕੂਲ ਦੀ ਬਿਹਤਰੀ ਲਈ ਪਿਛਲੇ ਸਮੇਂ ਦੌਰਾਨ ਯੋਗਦਾਨ ਪਾਉਣ ਵਾਲੀਆਂ ਹੋਰ ਸ਼ਖ਼ਸੀਅਤਾਂ ਵਿੱਚ ਹੈੱਡਮਾਸਟਰ ਚਰਨਜੀਤ ਸਿੰਘ, ਗੁਰਸੇਵਕ ਸਿੰਘ ਬਿੱਟੂ, ਬੂੜ੍ਹ ਸਿੰਘ ਚੇਅਰਮੈਨ, ਜਸਵੰਤ ਸਿੰਘ ਉਪ ਚੇਅਰਮੈਨ, ਮਿਹਰ ਸਿੰਘ, ਸਿਕੰਦਰ ਸਿੰਘ, ਆਤਮਾ ਸਿੰਘ ਸੇਖੋਂ, ਦਰਸ਼ਨ ਸਿੰਘ, ਬਲਕਾਰ ਸਿੰਘ, ਨਿਰਮਲ ਸਿੰਘ ਅਤੇ ਚੰਦ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਵਰਿੰਦਰ ਸਲਹੋਤਰਾ ਨੇ ਆਪਣੀ ਸੰਗੀਤਕ ਪੇਸ਼ਕਾਰੀ ਰਾਹੀਂ ਸਮਾਗਮ ਨੂੰ ਯਾਦਗਾਰੀ ਬਣਾਉਂਦਿਆਂ ਸਮੂਹ ਮਹਿਮਾਨਾਂ, ਪੰਚਾਇਤ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।