- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਮੌਸਮੀ ਮੀਂਹ ਨੇ ਠੱਪ ਕੀਤੀ ਝੋਨੇ ਦੀ ਕਟਾਈ, ਮੰਡੀਆਂ ’ਚ ਹਜ਼ਾਰਾਂ ਟਨ ਫ਼ਸਲ ਭਿੱਜੀ

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਐਤਵਾਰ ਸਵੇਰੇ ਹੋਈ ਬੇਮੌਸਮੀ ਬਾਰਿਸ਼ ਨੇ ਝੋਨੇ ਦੀ ਕਟਾਈ ਅਤੇ ਮੰਡੀਆਂ ਵਿੱਚ ਫ਼ਸਲ ਦੀ ਸੰਭਾਲ ਦੇ ਪ੍ਰਬੰਧਾਂ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਸਵੇਰੇ ਹੋਈ ਤੇਜ਼ ਬਾਰਿਸ਼ ਅਤੇ ਦਿਨ ਭਰ ਅਸਮਾਨ ਵਿੱਚ ਛਾਏ ਬੱਦਲਾਂ ਕਾਰਨ ਜਿੱਥੇ ਖੇਤਾਂ ਵਿੱਚ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ, ਉੱਥੇ ਹੀ ਮੰਡੀਆਂ ਵਿੱਚ ਖੁੱਲ੍ਹੇ ਆਸਮਾਨ ਹੇਠ ਪਿਆ ਹਜ਼ਾਰਾਂ ਟਨ ਝੋਨਾ ਵੀ ਭਿੱਜ ਗਿਆ। ਇਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਉਨ੍ਹਾਂ ਨੂੰ ਫ਼ਸਲ ਦੀ ਗੁਣਵੱਤਾ ਖ਼ਰਾਬ ਹੋਣ ਦਾ ਡਰ ਸਤਾਉਣ ਲੱਗਾ ਹੈ। ਖੇਤਾਂ ਵਿੱਚ ਝੋਨੇ ਦੀ ਫ਼ਸਲ ਪੱਕ ਕੇ ਕਟਾਈ ਲਈ ਤਿਆਰ ਖੜ੍ਹੀ ਹੈ, ਪਰ ਮੀਂਹ ਅਤੇ ਵਧੀ ਹੋਈ ਨਮੀ ਕਾਰਨ ਕਿਸਾਨਾਂ ਨੂੰ ਕੰਬਾਈਨਾਂ ਚਲਾਉਣ ਵਿੱਚ ਦਿੱਕਤ ਆ ਰਹੀ ਹੈ। ਇਸ ਦੇ ਨਾਲ ਹੀ ਜਿਹੜੇ ਕਿਸਾਨ ਪਹਿਲਾਂ ਹੀ ਫ਼ਸਲ ਦੀ ਕਟਾਈ ਕਰ ਚੁੱਕੇ ਹਨ, ਉਨ੍ਹਾਂ ਲਈ ਝੋਨੇ ਨੂੰ ਮੀਂਹ ਤੋਂ ਬਚਾਉਣਾ ਵੱਡੀ ਚੁਣੌਤੀ ਬਣ ਗਿਆ ਹੈ। ਮੰਡੀਆਂ ਵਿੱਚ ਸਰਕਾਰੀ ਖ਼ਰੀਦ ਦੀ ਰਫ਼ਤਾਰ ਮੱਠੀ ਹੋਣ ਕਾਰਨ ਵੱਡੀ ਮਾਤਰਾ ਵਿੱਚ ਝੋਨਾ ਖੁੱਲ੍ਹੇ ਆਸਮਾਨ ਹੇਠ ਪਿਆ ਹੈ। ਐਤਵਾਰ ਸਵੇਰੇ ਅਚਾਨਕ ਹੋਈ ਬਾਰਿਸ਼ ਨੇ ਇਸ ਫ਼ਸਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਿਸਾਨਾਂ ਨੇ ਤਰਪਾਲਾਂ ਅਤੇ ਪਲਾਸਟਿਕ ਦੀਆਂ ਚਾਦਰਾਂ ਨਾਲ ਝੋਨੇ ਨੂੰ ਢੱਕ ਕੇ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਬਾਰਿਸ਼ ਦੇ ਪਾਣੀ ਕਾਰਨ ਕਈ ਥਾਵਾਂ ’ਤੇ ਫ਼ਸਲ ਭਿੱਜਣ ਤੋਂ ਨਹੀਂ ਬਚ ਸਕੀ। ਮੰਡੀਆਂ ਵਿੱਚ ਝੋਨੇ ਨੂੰ ਮੀਂਹ ਤੋਂ ਬਚਾਉਣ ਅਤੇ ਭਿੱਜੀ ਫ਼ਸਲ ਨੂੰ ਸੁਕਾਉਣ ਲਈ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨਾਂ ਦੀ ਚਿੰਤਾ ਹੋਰ ਵਧ ਗਈ ਹੈ। ਫ਼ਸਲ ਵਿੱਚ ਨਮੀ ਵਧਣ ਨਾਲ ਸਰਕਾਰੀ ਖ਼ਰੀਦ ਦੌਰਾਨ ਦਿੱਕਤਾਂ ਆਉਣ ਦਾ ਖ਼ਦਸ਼ਾ ਹੈ। ਇਸ ਨਾਲ ਪਹਿਲਾਂ ਹੀ ਮੱਠੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਹੋਰ ਪ੍ਰਭਾਵਿਤ ਹੋ ਸਕਦੀ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਵਧੇਰੇ ਉਡੀਕ ਕਰਨੀ ਪੈ ਸਕਦੀ ਹੈ।