- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਦੀਆਂ ਨੀਤੀਆਂ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਖ਼ਿਲਾਫ਼ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਉਠਾਈ ਆਵਾਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ, ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਅੰਮ੍ਰਿਤ ਵੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਐਸੋਸੀਏਸ਼ਨ ਦੀ ਏਕਤਾ ਮਜ਼ਬੂਤ ਕਰਨ ਅਤੇ ਆਰ.ਐੱਮ.ਪੀ. ਡਾਕਟਰਾਂ ਦੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ. ਅੰਮ੍ਰਿਤ ਵੀਰ ਸਿੰਘ ਸਿੱਧੂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਹਮੇਸ਼ਾ ਆਪਣੇ ਹੱਕਾਂ ਦੀ ਰਾਖੀ ਅਤੇ ਲੋਕ ਸੇਵਾ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਅਸਰ ਆਮ ਲੋਕਾਂ ਦੇ ਨਾਲ-ਨਾਲ ਆਰ.ਐੱਮ.ਪੀ. ਡਾਕਟਰਾਂ ’ਤੇ ਵੀ ਪੈ ਰਿਹਾ ਹੈ। ਉਨ੍ਹਾਂ ਜਥੇਬੰਦੀ ਦੇ ਮੈਂਬਰਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਅਤੇ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਬਲਵਿੰਦਰ ਸਿੰਘ ਜੈਤੋ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰੀ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਉਠਾਉਣ ਵਾਲਿਆਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ ਅਤੇ ਅਜਿਹੀਆਂ ਕਾਰਵਾਈਆਂ ਲੋਕਤੰਤਰੀ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹਨ। ਐਸੋਸੀਏਸ਼ਨ ਦੇ ਸੀਨੀਅਰ ਆਗੂ ਡਾ. ਗੁਰਪਾਲ ਸਿੰਘ ਮੌੜ ਨੇ ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋ ਕੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਰ.ਐੱਮ.ਪੀ. ਡਾਕਟਰਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਡਾ. ਬਲਵਿੰਦਰ ਸਿੰਘ ਬਰਗਾੜੀ ਨੇ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਸਾਰੇ ਮੈਂਬਰਾਂ ਨੂੰ ਸਿਆਸੀ ਪਾਰਟੀਆਂ ਤੋਂ ਉੱਪਰ ਉੱਠ ਕੇ ਸਾਂਝੇ ਹਿੱਤਾਂ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਏਕਤਾ ਅਤੇ ਸਹਿਯੋਗ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਆਪਣੇ ਹੱਕਾਂ ਦੀ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੜਿਆ ਜਾ ਸਕਦਾ ਹੈ। ਮੀਟਿੰਗ ਵਿੱਚ ਡਾ. ਬਲਵਿੰਦਰ ਸਿੰਘ ਜੈਤੋ, ਡਾ. ਵਰਿੰਦਰ ਸਿੰਘ ਡੋਡ, ਡਾ. ਰਾਜ ਸਿੰਘ, ਡਾ. ਅੰਮ੍ਰਿਤ ਵੀਰ ਸਿੰਘ ਸਿੱਧੂ, ਡਾ. ਸਰਾਜ ਖ਼ਾਨ, ਡਾ. ਬਲਵਿੰਦਰ ਸਿੰਘ ਬਰਗਾੜੀ, ਡਾ. ਗੁਰਪਾਲ ਸਿੰਘ ਮੌੜ, ਡਾ. ਬੂਟਾ ਸਿੰਘ ਜੈਤੋ, ਡਾ. ਰਣਜੀਤ ਸਿੰਘ ਕੋਟਕਪੂਰਾ, ਡਾ. ਜਗਸੀਰ ਸਿੰਘ, ਡਾ. ਮਹਿੰਦਰ ਸਿੰਘ ਘਣੀਆ, ਡਾ. ਵਿਕਰਮ ਚੌਹਾਨ, ਡਾ. ਬਲਦੇਵ ਸਿੰਘ, ਡਾ. ਬਲਰਾਜ ਗਰੋਵਰ, ਡਾ. ਸੁਖਜਿੰਦਰ ਸਿੰਘ ਖਾਰਾ ਅਤੇ ਡਾ. ਸੁਖਚੈਨ ਸਿੰਘ ਸੰਧੂ ਸਮੇਤ ਹੋਰ ਮੈਂਬਰ ਹਾਜ਼ਰ ਸਨ।