- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 1 ਨਵੰਬਰ ਨੂੰ ਕੋਟਕਪੂਰਾ ਵਿੱਚ ਹੋਵੇਗੀ ਮੈਰਾਥਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਮੈਰਾਥਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੈਰਾਥਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧਾਂ ਅਤੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਰਾਥਨ ਵਰਗੇ ਉਪਰਾਲੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਸਮਾਜਿਕ ਚੇਤਨਾ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੇ ਨੌਜਵਾਨ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਹੀ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 1 ਨਵੰਬਰ ਨੂੰ ਹੋਣ ਵਾਲੀ ਮੈਰਾਥਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਪੀਕਰ ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ, ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਸਪੀਕਰ ਦੇ ਓਐੱਸਡੀ ਸਾਧੂ ਰਾਮ ਕੁਸਲਾ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਬਲਾਕ ਸੰਮਤੀ ਦੇ ਚੇਅਰਮੈਨ ਪ੍ਰਿੰਸ ਬਹਿਲ, ਸੁਖਵੰਤ ਸਿੰਘ ਪੱਕਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।