- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ, ਕਿਸਾਨਾਂ ਨੂੰ 3,111 ਕਰੋੜ ਦੀ ਅਦਾਇਗੀ: ਕਟਾਰੂਚੱਕ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਹੁਣ ਤੱਕ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3,111 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ ਅਤੇ ਅਦਾਇਗੀ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਉਣੀ ਦੇ ਮੌਜੂਦਾ ਸੀਜ਼ਨ 2026-27 ਲਈ ਪੰਜਾਬ ਵਿੱਚ 180 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਰੱਖਿਆ ਗਿਆ ਹੈ। ਸੂਬੇ ਵਿੱਚ 1 ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਹੁਣ ਤੱਕ 1,887 ਮੰਡੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਲੋੜ ਪੈਣ ’ਤੇ ਹੋਰ ਖ਼ਰੀਦ ਕੇਂਦਰ ਵੀ ਚਾਲੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ ਲਈ ਬਾਰਦਾਨੇ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦਾ ਉਦੇਸ਼ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦਾਅਵਾ ਕੀਤਾ ਕਿ ਖ਼ਰੀਦੀ ਗਈ ਫ਼ਸਲ ਦੀ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਵੀ ਨਾਲੋ-ਨਾਲ ਚਲਾਈ ਜਾ ਰਹੀ ਹੈ। ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 20 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਅਤੇ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨਾ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਸਾਫ਼ ਪਾਣੀ, ਛਾਂ, ਬੈਠਣ ਅਤੇ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ। ਬਾਰਿਸ਼ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਫ਼ਸਲ ਲਿਆਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੰਤਰੀ ਦੇ ਦੌਰੇ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਅਨਮੋਲਜੀਤ ਸਿੰਘ ਸੇਖੋਂ, ਨਗਰ ਕੌਂਸਲ ਦੇ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਮਾਰਕੀਟ ਕਮੇਟੀ ਸਾਦਿਕ ਦੀ ਚੇਅਰਮੈਨ ਨੀਤੂ ਕਪੂਰ ਸਿੰਗਲਾ, ਡਿਪਟੀ ਡਾਇਰੈਕਟਰ ਅਤਿੰਦਰ ਕੌਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਓਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਬੰਟੀ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਆਗੂ ਹਾਜ਼ਰ ਸਨ।