- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀ.ਸੀ.ਏ. ਪਹਿਲੇ ਸਮੈਸਟਰ ਦੇ ਨਤੀਜਿਆਂ ’ਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਬੀ.ਸੀ.ਏ. (231), ਭਾਗ ਪਹਿਲਾ, ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਦਾ ਮਾਹੌਲ ਹੈ। ਐਲਾਨੇ ਗਏ ਨਤੀਜਿਆਂ ਅਨੁਸਾਰ ਭਵਨਦੀਪ ਕੌਰ ਅਤੇ ਜਸਪ੍ਰੀਤ ਕੌਰ ਨੇ 91.7 ਐਸ.ਜੀ.ਪੀ.ਏ. ਹਾਸਲ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਲਵਿੰਦਰ ਸਿੰਘ ਨੇ 90.8 ਐਸ.ਜੀ.ਪੀ.ਏ. ਨਾਲ ਦੂਜਾ ਅਤੇ ਗੁਰਮੀਤ ਕੌਰ ਨੇ 85.4 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕਰਕੇ ਆਪਣੀ ਯੋਗਤਾ ਦਾ ਪ੍ਰਮਾਣ ਦਿੱਤਾ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਨੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਕਾਲਜ ਲਈ ਮਾਣ ਵਾਲੀ ਗੱਲ ਹੈ। ਮਿਹਨਤ, ਲਗਾਤਾਰ ਅਭਿਆਸ ਅਤੇ ਪੜ੍ਹਾਈ ਪ੍ਰਤੀ ਗੰਭੀਰਤਾ ਨਾਲ ਵਿਦਿਆਰਥੀ ਆਪਣੇ ਟੀਚੇ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਵਧੀਆ ਨਤੀਜੇ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਡਾ. ਗੁਲਸ਼ਨ ਕੁਮਾਰ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕਾਲਜ ਦੇ ਅਧਿਆਪਕ ਡਾ. ਸਤਨਾਮ ਸਿੰਘ, ਡਾ. ਮਨਦੀਪ ਕੌਰ, ਅਜੈ ਕੁਮਾਰ, ਮਨਤਾਰ ਸਿੰਘ, ਗਰੀਸ਼ ਸ਼ਰਮਾ ਅਤੇ ਰੁਪਾਲੀ ਲੂੰਬਾ ਨੇ ਵੀ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।