- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਤੇ ਕੋਟਕਪੂਰਾ ਦੇ 13 ਨਸ਼ਾ ਪ੍ਰਭਾਵਿਤ ਇਲਾਕਿਆਂ ’ਤੇ ਪ੍ਰਸ਼ਾਸਨ ਦੀ ਰਹੇਗੀ ਵਿਸ਼ੇਸ਼ ਨਜ਼ਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹਾ ਫ਼ਰੀਦਕੋਟ ਵਿੱਚ ਨਸ਼ਿਆਂ ਦੇ ਪਸਾਰ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਇਸ ਮਾਰੂ ਅਲਾਮਤ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਨਸ਼ਾ ਤਸਕਰੀ ’ਤੇ ਸਖ਼ਤ ਨਕੇਲ ਕੱਸਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ, ਮੁੜ ਵਸੇਬੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣ ਲਈ ਹੁਨਰ ਸਿਖਲਾਈ ਦੇਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਨਸ਼ੇ ਦੀ ਲਤ ਵਿੱਚ ਫਸੇ ਲੋਕਾਂ ਨੂੰ ਇਲਾਜ ਰਾਹੀਂ ਆਮ ਜੀਵਨ ਵੱਲ ਮੋੜਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਿਯੋਗ ਦੇਣਾ ਵੀ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 13 ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਅੱਠ ਫ਼ਰੀਦਕੋਟ ਅਤੇ ਪੰਜ ਕੋਟਕਪੂਰਾ ਵਿੱਚ ਹਨ। ਇਨ੍ਹਾਂ ਇਲਾਕਿਆਂ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖੇਤਰਾਂ ਵਿੱਚ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕੀਤੀ ਜਾਵੇ ਅਤੇ ਕਾਰਵਾਈ ਦੇ ਨਤੀਜਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ। ਇਨ੍ਹਾਂ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਕਾਰਵਾਈਆਂ ਦੇ ਤਾਲਮੇਲ ਲਈ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਖਾਲੀ ਪਈਆਂ ਇਮਾਰਤਾਂ ਦੀ ਪਛਾਣ ਵੀ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨਾਲ ਸਬੰਧਤ ਸੰਭਾਵੀ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਅਚਨਚੇਤ ਜਾਂਚ, ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ। ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਦੀ ਵੀ ਯੋਜਨਾ ਹੈ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆ ਸਕਣ।