- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਭੀਜੀਤ ਦੀਪਕ ਦੇ ਧਰਨਿਆਂ ਖ਼ਿਲਾਫ਼ ਜੈਤੋ ਵਿੱਚ ਵਪਾਰੀਆਂ ਤੇ ਸਮਾਜ ਸੇਵੀਆਂ ਵੱਲੋਂ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਜੈਤੋ ਸ਼ਹਿਰ ਵਿੱਚ ਸੀਜੇਪੀ ਦੇ ਪ੍ਰਧਾਨ ਅਭੀਜੀਤ ਦੀਪਕ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੀਤੇ ਜਾ ਰਹੇ ਧਰਨਿਆਂ ਅਤੇ ਪ੍ਰਦਰਸ਼ਨਾਂ ਦੇ ਵਿਰੋਧ ਵਿੱਚ ਵਪਾਰੀਆਂ, ਸਮਾਜ ਸੇਵੀਆਂ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਲੋਕਾਂ ਵੱਲੋਂ ਸਥਾਨਕ ਰਾਮਲੀਲਾ ਗਰਾਊਂਡ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅਭੀਜੀਤ ਦੀਪਕ ਦੀਆਂ ਗਤੀਵਿਧੀਆਂ ਦੀ ਜਾਂਚ ਕਰਵਾਉਣ ਅਤੇ ਕਥਿਤ ਤੌਰ ’ਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸ਼ਹਿਰ ਵਿੱਚ ਲਗਾਤਾਰ ਹੋ ਰਹੇ ਧਰਨਿਆਂ ਅਤੇ ਵਿਰੋਧ ਪ੍ਰਦਰਸ਼ਨਾਂ ਕਾਰਨ ਵਪਾਰਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ ਸਰਕਾਰੀ ਸੰਪਤੀ ਨੂੰ ਹੋਏ ਕਥਿਤ ਨੁਕਸਾਨ ਅਤੇ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਦੇ ਲਗਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਮਾਜ ਸੇਵੀ ਸੰਦੀਪ ਲੂੰਬਾ ਨੇ ਕਿਹਾ ਕਿ ਅਭੀਜੀਤ ਦੀਪਕ ਦੀ ਭੂਮਿਕਾ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਪਿੱਛੇ ਮੌਜੂਦ ਤੱਥਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਰਾਹੀਂ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਧਰਨੇ ਜਾਂ ਪ੍ਰਦਰਸ਼ਨ ਦੌਰਾਨ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਜਾਂ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਸਬੰਧੀ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਰੋਸ ਪ੍ਰਦਰਸ਼ਨ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਅਭੀਜੀਤ ਦੀਪਕ ਦੀ ਤਸਵੀਰ ’ਤੇ ਜੁੱਤੀਆਂ ਮਾਰ ਕੇ ਵੀ ਆਪਣਾ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦਾ ਮਕਸਦ ਪ੍ਰਸ਼ਾਸਨ ਦਾ ਧਿਆਨ ਆਪਣੇ ਇਤਰਾਜ਼ਾਂ ਅਤੇ ਮੰਗਾਂ ਵੱਲ ਖਿੱਚਣਾ ਹੈ। ਉਨ੍ਹਾਂ ਮਾਮਲੇ ਦੀ ਜਾਂਚ ਕਰਵਾ ਕੇ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਮੌਕੇ ਰਾਮ ਅਵਤਾਰ ਵਰਮਾ, ਜਤਿੰਦਰ ਸਦਿਓੜਾ, ਪਵਨ ਵਧਵਾ, ਰਿੰਕੂ ਬਿੰਦਲ, ਚੀਨੂ ਗੀਜੀ, ਸੋਨੂ ਸੂਰੀ, ਤੁਸ਼ਾਲ ਲੂੰਬਾ ਗੋਗੀ, ਧਰਮਿੰਦਰ ਬਾਣੀ, ਬੁੱਲੀ ਜੈਨ, ਰਾਣੂ ਅਗਰਵਾਲ, ਕ੍ਰਾਂਤੀ ਗਰਗ, ਮੋਨੂ ਸ਼ਰਮਾ, ਦੇਸ ਰਾਜ, ਸੁਨੀਲ ਗਰਗ ਫੈਟੀ, ਭੂਸ਼ਨ ਕੁਮਾਰ, ਰਜੇਸ਼ ਕੁਮਾਰ ਬੱਬੂ, ਸ਼ਰਮਾ ਸ਼ਟਰਿੰਗ ਸਮੇਤ ਹੋਰ ਸ਼ਹਿਰ ਵਾਸੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਹੋਣੀ ਬਾਕੀ ਹੈ।