- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵਿੱਚ ਸੋਨ ਤਮਗੇ ਜਿੱਤਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗੇ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜੰਮੂ-ਕਸ਼ਮੀਰ ਵਿਖੇ ਬੀਤੇ ਦਿਨੀਂ ਕਰਵਾਈ ਗਈ ਰਾਸ਼ਟਰੀ ਓਪਨ ਗਤਕਾ ਚੈਂਪੀਅਨਸ਼ਿਪ-2026 ਵਿੱਚ ਸੋਨ ਤਮਗੇ ਹਾਸਲ ਕਰਨ ਵਾਲੀਆਂ ਇਨ੍ਹਾਂ ਵਿਦਿਆਰਥਣਾਂ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਵਿਦਿਆਰਥਣਾਂ ਮਨਤ੍ਰਿਪਤ ਕੌਰ ਅਤੇ ਅਮਨਪ੍ਰੀਤ ਕੌਰ ਨੇ ਗਤਕਾ ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਖਲਾਈ ਪ੍ਰਾਪਤ ਕੀਤੀ ਸੀ। ਦੋਵਾਂ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਬਿਹਤਰ ਬਣਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਵੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੀਆਂ ਹੋਈਆਂ ਉੱਚੀਆਂ ਮੱਲਾਂ ਮਾਰਨਗੀਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ। ਇਸ ਮੌਕੇ ਨਰੇਸ਼ ਕੁਮਾਰ, ਡੀ.ਪੀ.ਈ. ਚੰਦਨ ਸਿੰਘ, ਡੀ.ਪੀ.ਈ. ਹਰਵਿੰਦਰ ਕੌਰ, ਚੰਦਨ ਕੌਰ ਸੋਢੀ, ਸ਼ਵਿੰਦਰ ਕੌਰ, ਵਿਵੇਕ ਕਪੂਰ, ਰਾਜਿੰਦਰ ਸਿੰਘ ਸਮੇਤ ਸਕੂਲ ਦਾ ਹੋਰ ਸਟਾਫ਼ ਵੀ ਮੌਜੂਦ ਸੀ।