- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਕੂਲਾਂ ਵਿੱਚ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ

ਜਾਗਰੂਕਤਾ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਾ ਮੁਕਤੀ ਦਾ ਸੁਨੇਹਾ ਦਿੱਤਾ
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਅਤੇ ਰੈਲੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਗਰਾਈਂ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਲੜਕੀਆਂ, ਸਰਕਾਰੀ ਪ੍ਰਾਇਮਰੀ ਸਕੂਲ, ਕੇਵਲ ਪੱਤੀ ਅਤੇ ਗਿੱਲ ਪੱਤੀ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਸਮੇਤ ਗੁਰੂ ਨਾਨਕ ਮਿਸ਼ਨ ਸਕੂਲ ਅਤੇ ਰੈਸ਼ਨਲ ਪਬਲਿਕ ਸਕੂਲ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸੇ ਤਰ੍ਹਾਂ ਸ਼ਹੀਦ ਗੁਰਪ੍ਰੀਤ ਸਿੰਘ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ, ਮਾਤਾ ਹਰਨਾਮ ਕੌਰ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ ਕਲਾਂ ਵਿਖੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜੈਤੋ ਦੇ ਵਾਰਡ ਨੰਬਰ 11 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਜੈਤੋ ਚੁੰਗੀ, ਵਾਰਡ ਨੰਬਰ 9 ਦੇ ਸਰਕਾਰੀ ਪ੍ਰਾਇਮਰੀ ਸਕੂਲ, ਵਾਰਡ ਨੰਬਰ 10 ਦੇ ਸਰਕਾਰੀ ਮਿਡਲ ਸਕੂਲ ਗਾਂਧੀ ਬਸਤੀ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਾਰਡ ਨੰਬਰ 10 ਤੇ ਜੀਵਨ ਨਗਰ ਵਿਖੇ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਪੇਂਟਿੰਗ ਅਤੇ ਭਾਸ਼ਣ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਵਿਚਾਰਾਂ ਰਾਹੀਂ ਨਸ਼ਿਆਂ ਵਿਰੁੱਧ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਪ੍ਰਣ ਕਰਵਾਇਆ ਗਿਆ। ਜਾਗਰੂਕਤਾ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਕੂਲੀ ਪੱਧਰ ’ਤੇ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯੋਗਦਾਨ ਪਾਉਣ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਜੱਸੀ ਵੀ ਹਾਜ਼ਰ ਸਨ