- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਕੋਟਕਪੂਰਾ ’ਚ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਿਹਾ ਸੀ। ਉਸ ਦਾ ਕਤਲ ਪੰਜਾਬ ਲਈ ਵੱਡਾ ਘਾਟਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਘਟਨਾ ਪਿੱਛੇ ਪੁਲਿਸ, ਸਰਕਾਰ ਅਤੇ ਨਸ਼ਾ ਤਸਕਰਾਂ ਦੀ ਕਥਿਤ ਮਿਲੀਭੁਗਤ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੂਜਿਆਂ ਦੇ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਦਾ ਰਿਹਾ, ਪਰ ਉਸ ਦੇ ਜਾਣ ਨਾਲ ਉਸ ਦਾ ਆਪਣਾ ਪਰਿਵਾਰ ਵੀ ਵੱਡੇ ਦੁੱਖ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਉਸ ਵੱਲੋਂ ਕੀਤੇ ਗਏ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਭਾਈ ਸੋਸਣ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਪਰ ਉਨ੍ਹਾਂ ਅਨੁਸਾਰ ਸੂਬੇ ਵਿੱਚ ਨਸ਼ਿਆਂ ਅਤੇ ਅਪਰਾਧਾਂ ਦੀ ਸਮੱਸਿਆ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਪਹਿਲਾਂ ਵੀ ਬੁਲੰਦ ਕੀਤੀ ਜਾਂਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ।