- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਇਨਸਾਫ਼ ਲਈ ਭਾਜਪਾ ਵੱਲੋਂ ਰੋਸ ਧਰਨਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਫ਼ਰੀਦਕੋਟ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਕਾਰਵਾਈ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਦੀ ਰਿਹਾਈ ਅਤੇ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੁਲਿਸ ਲਾਈਨ ਦੇ ਬਾਹਰ ਵੀ ਧਰਨਾ ਦਿੱਤਾ। ਭਾਜਪਾ ਮੰਡਲ ਫ਼ਰੀਦਕੋਟ ਦੇ ਪ੍ਰਧਾਨ ਸੰਦੀਪ ਗਰਗ ਅਤੇ ਐਡਵੋਕੇਟ ਗੋਲਡੀ ਦੀ ਅਗਵਾਈ ਹੇਠ ਦਿੱਤੇ ਗਏ ਇਸ ਧਰਨੇ ਦੌਰਾਨ ਪਾਰਟੀ ਆਗੂਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਉਠਾਈ। ਧਰਨੇ ਵਿੱਚ ਭਾਜਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੁਕੇਸ਼ ਗਰਗ, ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਡਾ. ਸੰਜੀਵ ਮਿੱਤਲ, ਨਵੀਨ, ਸੁਬਨੇਕ, ਸ਼ੁੱਭ ਸਾਬ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦੇ ਰਹੇ ਸਨ ਅਤੇ ਉਨ੍ਹਾਂ ਦੇ ਕਤਲ ਦੀ ਘਟਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।