- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਮਨਤਾਰ ਸਿੰਘ ਬਰਾੜ ਵੱਲੋਂ ਸਖ਼ਤ ਨਿਖੇਧੀ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉਠਾਏ ਹਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦੀ ਹੱਤਿਆ ਦੀ ਘਟਨਾ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਹੈ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਜੇਕਰ ਲੋਕ ਨਸ਼ਿਆਂ ਵਿਰੁੱਧ ਬੋਲਣ ਸਮੇਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਰਹਿਣ, ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੇ ਨੌਜਵਾਨ ਪੀੜ੍ਹੀ ਅਤੇ ਅਨੇਕਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੂੰ ਸਖ਼ਤ ਅਤੇ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਤੱਕ ਪਹੁੰਚ ਕਰਕੇ ਇਸ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਿਰਫ਼ ਦਾਅਵਿਆਂ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਸਗੋਂ ਇਸ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਲਾਜ਼ਮੀ ਹੈ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਘਟਨਾ ਨਾਲ ਸਬੰਧਤ ਸਾਰੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨ ਵਿਵਸਥਾ ਵਿੱਚ ਭਰੋਸਾ ਮਜ਼ਬੂਤ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਕਾਰੋਬਾਰ ’ਤੇ ਰੋਕ ਲਗਾਉਣਾ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਕੋਲ ਹੋਣ ਦੇ ਬਾਵਜੂਦ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਨਸ਼ਿਆਂ ਦੀ ਸਪਲਾਈ ਰੋਕਣ ਵਿੱਚ ਅਸਫ਼ਲ ਰਹੀ ਹੈ। ਅੰਤ ਵਿੱਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ, ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।