- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਜ਼ੋਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹਾ ਫ਼ਰੀਦਕੋਟ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੇ ਗਏ ਉਪਰਾਲਿਆਂ ਦੀ ਸਮੀਖਿਆ ਕੀਤੀ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਉਨ੍ਹਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਰਵਾਈ ਕਰਨਾ ਹੀ ਕਾਫ਼ੀ ਨਹੀਂ, ਸਗੋਂ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ੇ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਜਾਗਰੂਕਤਾ ਸਰਗਰਮੀਆਂ ਨੂੰ ਯੋਜਨਾਬੱਧ ਢੰਗ ਨਾਲ ਚਲਾਇਆ ਜਾਵੇ। ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਦੇ ਨਾਲ-ਨਾਲ ਸਮਾਜ ਨੂੰ ਵੀ ਇਸ ਵਿਰੁੱਧ ਇਕਜੁੱਟ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਉਨ੍ਹਾਂ ਨੂੰ ਖੇਡਾਂ, ਸੱਭਿਆਚਾਰਕ ਸਰਗਰਮੀਆਂ ਅਤੇ ਹੋਰ ਉਸਾਰੂ ਕਾਰਜਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਵੀ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ, ਪੁਲਿਸ, ਸਿਹਤ, ਸਿੱਖਿਆ ਅਤੇ ਖੇਡ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਆਪੋ-ਆਪਣੇ ਪੱਧਰ ’ਤੇ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕਰਨ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਹਿੰਮ ਦਾ ਲਾਭ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਪਹੁੰਚਾਉਣ ਲਈ ਵਿਭਾਗੀ ਯਤਨਾਂ ਦੇ ਨਾਲ-ਨਾਲ ਲਗਾਤਾਰ ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐੱਸ.ਡੀ.ਐੱਮ. ਫ਼ਰੀਦਕੋਟ ਪੁਨੀਤ ਸ਼ਰਮਾ, ਐੱਸ.ਡੀ.ਐੱਮ. ਕੋਟਕਪੂਰਾ ਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸਲ, ਡਾ. ਵਿਸ਼ਵਜੀਤ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਬੀ.ਡੀ.ਪੀ.ਓ. ਕੋਟਕਪੂਰਾ ਵਿਕਾਸ ਸ਼ਰਮਾ, ਕਾਰਜਸਾਧਕ ਅਫ਼ਸਰ ਫ਼ਰੀਦਕੋਟ ਅੰਮ੍ਰਿਤ ਲਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਹਰਜਿੰਦਰ ਸਿੰਘ, ਜਸਬੀਰ ਸਿੰਘ ਜੱਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।