- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਕਾਂਗਰਸੀ ਆਗੂਆਂ ਵੱਲੋਂ ਸਖ਼ਤ ਨਿਖੇਧੀ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਕਾਂਗਰਸੀ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਪਵਨ ਗੋਇਲ ਜੈਤੋ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ), ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਂ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ ਅਤੇ ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ) ਨੇ ਇਸ ਘਟਨਾ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਸ ਬੁਰਾਈ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਹਾਲਾਤ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਯਤਨ ਕਰਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਜਿਹੜੇ ਨੌਜਵਾਨ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਣੀ ਚਾਹੀਦੀ ਹੈ। ਅਜਿਹੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਸਮਾਜ ਸੁਧਾਰ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾ ਸਕਣ। ਕਾਂਗਰਸੀ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਘਟਨਾ ਨਾਲ ਸਬੰਧਤ ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ ਸਾਬਤ ਹੋਣ ’ਤੇ ਸਬੰਧਤ ਵਿਅਕਤੀਆਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਉਣੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਪਵਨ ਗੋਇਲ, ਪ੍ਰੀਤਪਾਲ ਸਿੰਘ ਭਲੂਰੀਆ, ਮਿਹਰ ਸਿੰਘ ਕਰੀਰਵਾਲੀ, ਸਿਕੰਦਰ ਸਿੰਘ ਮੜ੍ਹਾਕ, ਮਨਬੀਰ ਸਿੰਘ ‘ਬੱਬੂ ਬਰਾੜ’, ਦਵਿੰਦਰਬੀਰ ਸਿੰਘ ਬਰਾੜ ਅਤੇ ਸੁਖਜੀਤ ਸਿੰਘ ਧਾਲੀਵਾਲ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪਰਿਵਾਰ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਮਾਮਲੇ ਦੀ ਜਾਂਚ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਕਾਂਗਰਸੀ ਆਗੂਆਂ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ, ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਵਿੱਚ ਕਾਨੂੰਨ ਪ੍ਰਤੀ ਭਰੋਸਾ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣੇ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।