- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਅਮਨ-ਕਾਨੂੰਨ ਫ਼ੇਲ੍ਹ, ਮੁੱਖ ਮੰਤਰੀ ਅਸਤੀਫ਼ਾ ਦੇਣ : ਅਕਾਲੀ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਕਤਲਾਂ, ਲੁੱਟ-ਖੋਹ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਿੱਚ ਵਾਧੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅਕਾਲੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤੇ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਸ਼੍ਰੋਮਣੀ ਅਕਾਲੀ ਦਲ ਸਰਕਲ ਬਾਜਾਖਾਨਾ ਦੇ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਰੀਦਕੋਟ ਨਿਰਮਲ ਸਿੰਘ ਵੜਿੰਗ ਡੋਡ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਤੇ ਪਿੰਡ ਰੋੜੀਕਪੂਰਾ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕੀਤਾ। ਅਕਾਲੀ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣ ਰਹੀ ਹੈ। ਕਤਲਾਂ, ਲੁੱਟ-ਖੋਹ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨਾ ਹੈ, ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ। ਅਕਾਲੀ ਆਗੂਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਨਸ਼ਿਆਂ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ ਅਤੇ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾਈ ਜਾ ਰਹੀ। ਇਸ ਸਬੰਧੀ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੀ ਮੌਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਚਿੰਤਾ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਅਪਰਾਧਿਕ ਘਟਨਾਵਾਂ ਦੇ ਮਾਮਲਿਆਂ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਅਕਾਲੀ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਸਰਕਾਰ ਨੂੰ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੇ ਪੁਲਿਸ ਮੁਖੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਸੂਬੇ ਵਿੱਚ ਅਪਰਾਧਾਂ ਨੂੰ ਠੱਲ੍ਹ ਨਹੀਂ ਪੈ ਰਹੀ, ਤਾਂ ਡੀਜੀਪੀ ਪੰਜਾਬ ਨੂੰ ਵੀ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਅੰਤ ਵਿੱਚ ਅਕਾਲੀ ਆਗੂਆਂ ਨੇ ਲੋਕਾਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਕਜੁੱਟ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਬਹਾਲੀ, ਨਸ਼ਿਆਂ ’ਤੇ ਰੋਕ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।