- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵੱਲੋਂ ਖਾਰਾ ਤੇ ਵਾਂਦਰ ਜਟਾਣਾ ਵਿੱਚ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਕੋਟਕਪੂਰਾ: ਕੋਟਕਪੂਰਾ ਸਬ-ਡਵੀਜ਼ਨ ਦੇ ਪਿੰਡ ਖਾਰਾ ਅਤੇ ਵਾਂਦਰ ਜਟਾਣਾ ਵਿੱਚ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫ਼ਸਲ ਦੀ ਸਥਿਤੀ ਦੇਖੀ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਸਮੇਂ ਐੱਸਡੀਐੱਮ ਕੋਟਕਪੂਰਾ ਰਜਿੰਦਰ ਸਿੰਘ ਅਤੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਖੇਤਾਂ ਦਾ ਨਿਰੀਖਣ ਕਰਦਿਆਂ ਮੌਸਮ ਦੀ ਖ਼ਰਾਬੀ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਤੋਂ ਫ਼ਸਲਾਂ ਦੇ ਨੁਕਸਾਨ ਅਤੇ ਇਸ ਕਾਰਨ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਚਾਨਕ ਬਦਲੇ ਮੌਸਮ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਸਮ ਕਾਰਨ ਪੈਦਾ ਹੋਈ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਫ਼ਸਲਾਂ ਦੇ ਨੁਕਸਾਨ ਸਬੰਧੀ ਪ੍ਰਾਪਤ ਹੋਣ ਵਾਲੇ ਵੇਰਵਿਆਂ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਾਂ ਅਨੁਸਾਰ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ, ਪਿੰਡ ਖਾਰਾ ਦੇ ਸਰਪੰਚ ਜਗਤਾਰ ਸਿੰਘ ਜੱਗਾ ਤੋਂ ਇਲਾਵਾ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।