- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਵਿਕਾਸ ਕੁਮਾਰ ਗਰਗ ਭੋਲ਼ਾ ਸ਼ਰਮਾਂ ਪੰਜਾਬੀ ਜਾਗਰਣ ਫ਼ਰੀਦਕੋਟ/ਕੋਟਕਪੂਰਾ/ਜੈਤੋ : ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਗਠਿਤ ਕਮੇਟੀ ਵੱਲੋਂ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਫ਼ਰੀਦਕੋਟ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਵੱਖ-ਵੱਖ ਜਥੇਬੰਦੀਆਂ, ਵਪਾਰੀਆਂ ਅਤੇ ਹੋਰ ਵਰਗਾਂ ਵੱਲੋਂ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਗਿਆ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਬੰਦ ਦਾ ਅਸਰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਦੇਖਣ ਨੂੰ ਮਿਲਿਆ। ਇਸ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਰਛਪਾਲ ਸਿੰਘ ਸੋਸਣ, ਬਾਬਾ ਮਨਪ੍ਰੀਤ ਸਿੰਘ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣ। ਕਰਿਆਨਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਉਮਕਾਰ ਗੋਇਲ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਇਸ ਰੋਸ ਪ੍ਰਦਰਸ਼ਨ ਨੂੰ ਪੂਰਾ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਮੁੱਚੇ ਸਮਾਜ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿਰੁੱਧ ਸਾਂਝੀ ਆਵਾਜ਼ ਉਠਾਉਣੀ ਸਮੇਂ ਦੀ ਲੋੜ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਮੁਸਤੈਦ ਰਿਹਾ। ਜੈਤੋ ਵਿੱਚ ਵੀ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਨੇ ਇਕਜੁੱਟਤਾ ਦਿਖਾਈ। ਸ਼ਹਿਰ ਦੇ ਬੱਸ ਸਟੈਂਡ ਚੌਕ ਵਿੱਚ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ ਲਾਇਆ ਗਿਆ। ਧਰਨੇ ਰਾਹੀਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਉਠਾਈ ਗਈ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਆਪਣੇ ਇਲਾਕੇ ਵਿੱਚ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਉਠਾਉਣ ਲਈ ਜਾਣਿਆ ਜਾਂਦਾ ਸੀ। ਉਸ ਦੇ ਕਤਲ ਦੀ ਘਟਨਾ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫ਼ਰੀਦਕੋਟ ਜ਼ਿਲ੍ਹੇ ਦੇ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਬੰਦ ਦੇ ਸੱਦੇ ਨੂੰ ਮਿਲੇ ਸਮਰਥਨ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਸਰਕਾਰਾਂ ਤੋਂ ਜਵਾਬਦੇਹੀ ਅਤੇ ਠੋਸ ਕਾਰਵਾਈ ਦੀ ਮੰਗ ਉਭਰ ਕੇ ਸਾਹਮਣੇ ਆਈ।