- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਵਾਲੀ ਤੋਂ ਨਵੇਂ ਸਾਲ ਤੱਕ ਪਟਾਕੇ ਚਲਾਉਣ ਲਈ ਸਮਾਂ ਤੈਅ, ਉਲੰਘਣਾ ’ਤੇ ਰਹੇਗੀ ਪਾਬੰਦੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਤਿਉਹਾਰਾਂ ਦੌਰਾਨ ਹਵਾ ਅਤੇ ਧੁਨੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਅਤੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਜ਼ਿਲ੍ਹੇ ਵਿੱਚ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਅਨੁਸਾਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਨਿਰਧਾਰਤ ਸਮੇਂ ਦੌਰਾਨ ਹੀ ਪਟਾਕੇ ਚਲਾਏ ਜਾ ਸਕਣਗੇ। ਹੁਕਮਾਂ ਅਨੁਸਾਰ ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਮੌਕੇ 24 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਕ੍ਰਿਸਮਿਸ ਦੇ ਤਿਉਹਾਰ ਮੌਕੇ 25 ਅਤੇ 26 ਦਸੰਬਰ ਦੀ ਦਰਮਿਆਨੀ ਰਾਤ 11:55 ਵਜੇ ਤੋਂ 12:30 ਵਜੇ ਤੱਕ, ਜਦਕਿ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਅਤੇ 1 ਜਨਵਰੀ 2027 ਦੀ ਦਰਮਿਆਨੀ ਰਾਤ ਵੀ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਧਦੀ ਵਰਤੋਂ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਟਾਕਿਆਂ ਨਾਲ ਪੈਦਾ ਹੋਣ ਵਾਲਾ ਧੂੰਆਂ ਅਤੇ ਤੇਜ਼ ਆਵਾਜ਼ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪਾਉਂਦੀ ਹੈ। ਖ਼ਾਸ ਕਰਕੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ, ਬਜ਼ੁਰਗਾਂ ਅਤੇ ਕਮਜ਼ੋਰ ਦਿਲ ਵਾਲੇ ਵਿਅਕਤੀਆਂ ਨੂੰ ਇਸ ਕਾਰਨ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪਟਾਕਿਆਂ ਦੀ ਵਰਤੋਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਹੁਕਮਾਂ ਦਾ ਉਦੇਸ਼ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਵਾਤਾਵਰਨ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ।