- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੂਡੋ ਮੁਕਾਬਲਿਆਂ ਵਿੱਚ ਵਰਲੀਨ ਕੌਰ ਨੇ ਜਿੱਤਿਆ ਕਾਂਸੀ ਦਾ ਤਮਗਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਕੋਟਕਪੂਰਾ : ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ ਨੇ ਜੂਡੋ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ ਹੈ। ਜਲੰਧਰ ਵਿਖੇ ਕਰਵਾਈਆਂ ਗਈਆਂ ਅੰਤਰਰਾਜੀ ਪੱਧਰ ਦੀਆਂ ਖੇਡਾਂ ਵਿੱਚ ਮਿਲੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਵਧਿਆ ਹੈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਵਰਲੀਨ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ ਜੂਡੋ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਵਿਦਿਆਰਥਣ, ਉਸ ਦੇ ਮਾਪਿਆਂ, ਕੋਚਾਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣ ਦੀ ਲਗਨ, ਸਖ਼ਤ ਮਿਹਨਤ ਅਤੇ ਕੋਚਾਂ ਵੱਲੋਂ ਦਿੱਤੀ ਗਈ ਯੋਗ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਨਵਪ੍ਰੀਤ ਸ਼ਰਮਾ ਨੇ ਵੀ ਵਿਦਿਆਰਥਣ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੂਡੋ ਕੋਚ ਹਰਵਿੰਦਰ ਸਿੰਘ, ਕੋਚ ਕੰਵਲਪ੍ਰੀਤ ਕੌਰ, ਅਨੀਤਾ ਸਿਆਲ ਸਮੇਤ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।