- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦਾ ਕਤਲ ਪ੍ਰਸ਼ਾਸਨ ਦੀਆਂ ਨਾਕਾਮੀਆਂ ਦਾ ਨਤੀਜਾ : ਕਾਂਗਰਸੀ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਦਿ ਟਰੱਕ ਆਪਰੇਟਰਜ਼ ਐਸੋਸੀਏਸ਼ਨ ਜੈਤੋ ਦੇ ਸਾਬਕਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਬਲਵਿੰਦਰ ਸਿੰਘ ‘ਜੱਸੀ’ ਜੈਤੋ ਨੇ ਇਸ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਨਾਕਾਮੀਆਂ ਦਾ ਨਤੀਜਾ ਕਰਾਰ ਦਿੱਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰ ਰਿਹਾ ਸੀ। ਅਜਿਹੇ ਵਿਅਕਤੀ ਦਾ ਦਿਨ-ਦਿਹਾੜੇ ਕਤਲ ਹੋਣਾ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਅਨੇਕਾਂ ਪਰਿਵਾਰ ਇਸ ਬੁਰਾਈ ਦੀ ਮਾਰ ਝੱਲ ਰਹੇ ਹਨ। ਅਜਿਹੇ ਹਾਲਾਤ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਕਥਿਤ ਢਿੱਲ ਕਾਰਨ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਜੇਕਰ ਸਮਾਜ ਵਿੱਚ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਸੁਰੱਖਿਅਤ ਮਾਹੌਲ ਨਹੀਂ ਮਿਲੇਗਾ ਤਾਂ ਇਸ ਸਮੱਸਿਆ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਵੱਡੀ ਢਾਹ ਲੱਗ ਸਕਦੀ ਹੈ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ, ਜਿਸ ਤੋਂ ਕਿਸੇ ਵੀ ਹਾਲਤ ਵਿੱਚ ਪਿੱਛੇ ਨਹੀਂ ਹਟਿਆ ਜਾ ਸਕਦਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਿਰਫ਼ ਬਿਆਨਾਂ ਅਤੇ ਐਲਾਨਾਂ ਨਾਲ ਕੰਮ ਨਹੀਂ ਚੱਲਣਾ, ਸਗੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ, ਪੁਲਿਸ ਅਤੇ ਸਮਾਜ ਨੂੰ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ। ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਮਾਮਲੇ ਦੇ ਸਾਰੇ ਤੱਥ ਜਨਤਕ ਕੀਤੇ ਜਾਣ। ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਨਾਲ-ਨਾਲ ਸੂਬੇ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਨਾ ਅਤੇ ਸਮਾਜ ਸੁਧਾਰ ਲਈ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।