- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਮੰਦਭਾਗਾ ਤੇ ਚਿੰਤਾਜਨਕ: ਸਮਾਜ ਸੇਵੀ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਨਸ਼ਿਆਂ ਦੀ ਦਲਦਲ ਵਿੱਚੋਂ ਸੈਂਕੜੇ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਯਤਨਸ਼ੀਲ ਰਹੇ ਮਾਨਸਾ ਦੇ ਚਰਚਿਤ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕੀਤਾ ਗਿਆ ਕਤਲ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਹੈ। ਇਸ ਘਟਨਾ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ, ਉੱਦਮ ਕਲੱਬ ਜੈਤੋ ਦੇ ਮੀਤ ਪ੍ਰਧਾਨ ਜਗਦੇਵ ਸਿੰਘ ‘ਗੋਰਾ ਢੱਲਾ’ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੀਨੀਅਰ ਆਗੂ ਨਾਇਬ ਸਿੰਘ ਭਗਤੂਆਣਾ ਨੇ ਕੀਤਾ। ਸਮਾਜ ਸੇਵੀ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰ ਰਹੇ ਸਨ। ਉਹ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਕੱਢਣ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਉੱਜੜ ਰਹੀਆਂ ਖ਼ੁਸ਼ੀਆਂ ਮੁੜ ਵਾਪਸ ਲਿਆਉਣ ਲਈ ਯਤਨਸ਼ੀਲ ਸਨ। ਅਜਿਹੇ ਸਮਾਜ ਸੇਵੀ ਦੀ ਹੱਤਿਆ ਸਮੁੱਚੇ ਸਮਾਜ ਲਈ ਵੱਡਾ ਦੁਖਾਂਤ ਹੈ ਅਤੇ ਇਹ ਘਟਨਾ ਹਰ ਸੰਵੇਦਨਸ਼ੀਲ ਵਿਅਕਤੀ ਦੇ ਮਨ ਨੂੰ ਝੰਜੋੜਨ ਵਾਲੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਸਮਾਜ ਵਿੱਚ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਰਹਿਣਗੇ ਤਾਂ ਇਸ ਬੁਰਾਈ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨਾ ਮੁਸ਼ਕਲ ਹੋ ਜਾਵੇਗਾ। ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਾ ਤਸਕਰੀ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀਆਂ ਨੂੰ ਢੁੱਕਵੀਂ ਸੁਰੱਖਿਆ ਮੁਹੱਈਆ ਕਰਵਾਏ। ਡਾ. ਗੁਰਚਰਨ ਭਗਤੂਆਣਾ, ਜਗਦੇਵ ਸਿੰਘ ‘ਗੋਰਾ ਢੱਲਾ’ ਅਤੇ ਨਾਇਬ ਸਿੰਘ ਭਗਤੂਆਣਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਕਾਰਨ ਅਨੇਕਾਂ ਪਰਿਵਾਰ ਆਰਥਿਕ, ਸਮਾਜਿਕ ਅਤੇ ਮਾਨਸਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਰਕਾਰ ਨੂੰ ਸਿਰਫ਼ ਦਾਅਵਿਆਂ ਅਤੇ ਐਲਾਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਨੂੰ ਤੋੜਨਾ ਅਤੇ ਇਸ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੀ ਜਵਾਬਦੇਹੀ ਤੈਅ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿੱਚ ਸਮਾਜ ਸੇਵੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਸੂਬੇ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਨਾ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ।