- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਕਾਂਗਰਸੀ ਆਗੂਆਂ ਵੱਲੋਂ ਸਖ਼ਤ ਨਿਖੇਧੀ, ਨਿਰਪੱਖ ਜਾਂਚ ਦੀ ਮੰਗ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ (ਸਾਬਕਾ ਸਰਪੰਚ ਭਗਤੂਆਣਾ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ), ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਸੂਬੇ ਵਿੱਚ ਗੁੰਡਾ ਰਾਜ ਵਰਗੇ ਹਾਲਾਤ ਪੈਦਾ ਹੋ ਗਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ। ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੀ ਇਸ ਤਰ੍ਹਾਂ ਹੱਤਿਆ ਹੋਣਾ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਯਤਨ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਅਜਿਹੇ ਵਿਅਕਤੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲੰਮੇ ਸਮੇਂ ਤੋਂ ਗੰਭੀਰ ਚੁਣੌਤੀ ਬਣੀ ਹੋਈ ਹੈ। ਇਸ ਬੁਰਾਈ ਕਾਰਨ ਅਨੇਕਾਂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਦੀ ਸਪਲਾਈ ’ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਉਨ੍ਹਾਂ ਅਨੁਸਾਰ, ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਲਈ ਸਿਰਫ਼ ਐਲਾਨਾਂ ਦੀ ਬਜਾਏ ਠੋਸ ਕਾਰਵਾਈ ਕਰਨ ਦੀ ਲੋੜ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਹਾਲੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਅਤੇ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੀਆਂ ਘਟਨਾਵਾਂ ਦੇ ਸਦਮੇ ਵਿੱਚੋਂ ਉੱਭਰਿਆ ਨਹੀਂ ਸੀ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦਾ ਮਾਮਲਾ ਸਾਹਮਣੇ ਆ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਮਾਮਲੇ ਨਾਲ ਸਬੰਧਤ ਸਾਰੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਨ ਅਤੇ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕਰਨ ’ਤੇ ਵੀ ਜ਼ੋਰ ਦਿੱਤਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣੀ ਚਾਹੀਦੀ ਹੈ। ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਸੂਬੇ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਨਾ ਸਮੇਂ ਦੀ ਮੁੱਖ ਲੋੜ ਹੈ।