- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੀਕਰ ਸੰਧਵਾਂ ਨੇ ਮੀਂਹ ਤੇ ਗੜ੍ਹੇਮਾਰੀ ਨਾਲ ਨੁਕਸਾਨੀ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਬਲਾਕ ਦੇ ਪਿੰਡ ਵਾਂਦਰ ਜਟਾਣਾ ਦਾ ਦੌਰਾ ਕਰਕੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਖੜ੍ਹੀ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਵਾਂਦਰ ਜਟਾਣਾ ਤੋਂ ਇਲਾਵਾ ਖਾਰਾ, ਚੱਕ ਕਲਿਆਣ, ਵਾੜਾ ਦਰਾਕਾ ਅਤੇ ਕੋਟਕਪੂਰਾ ਦੇ ਹੋਰ ਇਲਾਕਿਆਂ ਵਿੱਚ ਵੀ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਇਲਾਵਾ ਭਾਰੀ ਮੀਂਹ ਕਾਰਨ ਸ਼ੈਲਰਾਂ ਨੂੰ ਵੀ ਨੁਕਸਾਨ ਪਹੁੰਚਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਮਾਰ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਫ਼ਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਨਾ ਜ਼ਰੂਰੀ ਹੈ, ਤਾਂ ਜੋ ਪ੍ਰਭਾਵਿਤ ਕਿਸਾਨਾਂ ਦੇ ਨੁਕਸਾਨ ਦਾ ਪੂਰਾ ਵੇਰਵਾ ਇਕੱਠਾ ਕੀਤਾ ਜਾ ਸਕੇ। ਇਸ ਸਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਵਿਸ਼ੇਸ਼ ਗਿਰਦਾਵਰੀ ਜਲਦ ਕਰਵਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ ਸਮੇਤ ਪਿੰਡ ਦੇ ਵਸਨੀਕ ਹਾਜ਼ਰ ਸਨ।