ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਕੀਤਾ ਵਿਚਾਰ ਵਟਾਂਦਰਾ ਨਸ਼ੇ ਦੀ ਆੜ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬਰਦਾਸ਼ਤ ਨਹੀਂ ਕਰੇਗੀ ਜਥੇਬੰਦੀ: ਡਾ. ਟਹਿਣਾ, ਡਾ. ਸੰਧੂ
Publish Date: Sat, 17 Oct 2026 03:48 PM (IST)
Updated Date: Sat, 17 Oct 2026 03:51 PM (IST)
ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫ਼ਰੀਦਕੋਟ: ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਡਾ. ਅੰਮ੍ਰਿਤਪਾਲ ਸਿੰਘ ਟਹਿਣਾ ਦੀ ਅਗਵਾਈ ਹੇਠ ਸਥਾਨਕ ਅਫ਼ਸਰਜ਼ ਕਲੱਬ ਵਿਖੇ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਕੰਮਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਡਾ. ਕੁਲਵੰਤ ਸਿੰਘ ਚਹਿਲ ਨੇ ਹਾਜ਼ਰ ਮੈਂਬਰਾਂ ਦਾ ਸਵਾਗਤ ਕੀਤਾ। ਇਸ ਉਪਰੰਤ ਪਰਮਿੰਦਰ ਸਿੰਘ ਝੋਟਾ ਦੀ ਮੌਤ ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਰਸ਼ਪਾਲ ਸਿੰਘ ਸੰਧੂ ਅਤੇ ਬਲਾਕ ਪ੍ਰਧਾਨ ਡਾ. ਅੰਮ੍ਰਿਤਪਾਲ ਸਿੰਘ ਟਹਿਣਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਿਆਂ ਦੇ ਮਾਮਲਿਆਂ ਦੀ ਆੜ ਵਿੱਚ ਸਾਫ਼-ਸੁਥਰਾ ਕੰਮ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜੋ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਨਸ਼ਿਆਂ ਦੇ ਸਖ਼ਤ ਖ਼ਿਲਾਫ਼ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੀਆਂ ਸੰਸਥਾਵਾਂ ਦਾ ਸਾਥ ਦੇਣ ਲਈ ਵਚਨਬੱਧ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਨਸ਼ਿਆਂ ਵਿਰੁੱਧ ਕਾਰਵਾਈ ਦੀ ਆੜ ਵਿੱਚ ਇਮਾਨਦਾਰੀ ਨਾਲ ਕੰਮ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਕੀਤਾ ਗਿਆ ਤਾਂ ਜਥੇਬੰਦੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਬੇਕਸੂਰ ਅਤੇ ਇਮਾਨਦਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਵਿੱਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੇ ਸੱਦੇ ਤੇ 15 ਅਕਤੂਬਰ ਨੂੰ ਦਿੱਤੇ ਬੰਦ ਦੇ ਸੱਦੇ ਦੌਰਾਨ ਜਥੇਬੰਦੀ ਦੇ ਮੈਂਬਰਾਂ ਨੇ ਜ਼ਿਲ੍ਹਾ ਫ਼ਰੀਦਕੋਟ ਸਮੇਤ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ ਬਲਾਕ ਫ਼ਰੀਦਕੋਟ ਵੱਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਬਾਬਾ ਫ਼ਰੀਦ ਜੀ ਦੇ ਮੇਲੇ ਅਤੇ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ, ਜਿਨ੍ਹਾਂ ਰਾਹੀਂ ਸੰਗਤਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਹ ਮੀਟਿੰਗ ਜਥੇਬੰਦੀ ਦੇ ਮੈਂਬਰ ਡਾ. ਪ੍ਰਦੀਪ ਕੁਮਾਰ ਵੱਲੋਂ ਸਪਾਂਸਰ ਕੀਤੀ ਗਈ, ਜੋ ਪੁਰਾਣੀ ਜੇਲ੍ਹ ਰੋਡ ਤੇ ਟਰੂ ਵਿਜ਼ਨ ਆਪਟੀਕਲ ਸੈਂਟਰ ਚਲਾਉਂਦੇ ਹਨ। ਇਸ ਮੌਕੇ ਜ਼ਿਲ੍ਹਾ ਆਗੂ ਡਾ. ਗੁਰਤੇਜ ਸਿੰਘ ਦਾਨਾ ਰੋਮਾਣਾ ਨੇ ਡਾ. ਪ੍ਰਦੀਪ ਕੁਮਾਰ ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਪ੍ਰੈੱਸ ਸਕੱਤਰ ਡਾ. ਯਸ਼ਪਾਲ ਗੁਲਾਟੀ ਨੂੰ ਜਾਣਕਾਰੀ ਦਿੰਦਿਆਂ ਡਾ. ਅੰਮ੍ਰਿਤਪਾਲ ਸਿੰਘ ਟਹਿਣਾ ਨੇ ਕਿਹਾ ਕਿ ਜਥੇਬੰਦੀ ਦੇ ਮੈਡੀਕਲ ਕੈਂਪਾਂ ਅਤੇ ਹੋਰ ਸਮਾਜ ਸੇਵੀ ਕਾਰਜਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਵਾਲੇ ਮੈਂਬਰਾਂ ਨੂੰ ਆਉਣ ਵਾਲੇ ਸਮੇਂ ਵਿੱਚ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਡਾ. ਵਿਜੇ ਪਾਲ ਕਮਿਆਣਾ, ਡਾ. ਪ੍ਰੇਮ (ਜ਼ਿਲ੍ਹਾ ਕੈਸ਼ੀਅਰ), ਡਾ. ਜਗਮੇਲ ਚੰਦ ਬਾਜਾ, ਡਾ. ਹਰਭਜਨ ਸਿੰਘ ਖ਼ਾਲਸਾ, ਡਾ. ਗੁਰਵਿੰਦਰ ਲਵਲੀ, ਡਾ. ਬੂਟਾ ਸਿੰਘ ਧੂੜਕੋਟ, ਡਾ. ਰਜਿੰਦਰ ਅਰੋੜਾ, ਡਾ. ਧਰਮ ਪਰਵਾਨਾ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸ਼ਰਨਜੀਤ ਕੌਰ ਸਮੇਤ 100 ਤੋਂ ਵੱਧ ਮੈਂਬਰ ਹਾਜ਼ਰ ਸਨ।