- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿੱਚ ਜਿੰਮ ਲਈ ਡੇਢ ਲੱਖ ਰੁਪਏ ਦਾ ਚੈੱਕ ਦਿੱਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਪਿੰਡ ਵਾਸੀਆਂ ਨੂੰ ਡੇਢ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਰੀਰਕ ਤੰਦਰੁਸਤੀ ਲਈ ਨਿਯਮਿਤ ਕਸਰਤ ਕਰਨ ਦੀ ਅਪੀਲ ਕੀਤੀ। ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਹੀ ਚੰਗੇ ਜੀਵਨ ਦਾ ਆਧਾਰ ਹੈ। ਇਸ ਲਈ ਪਿੰਡ ਵਾਸੀਆਂ ਨੂੰ ਜਿੰਮ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੇ ਨਾਲ-ਨਾਲ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਉਪਰੰਤ ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਦੀ ਵਿਦਿਆਰਥਣ ਜਸਨਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕੀਤੀ। ਚੰਦਾ ਸਿੰਘ ਮਰਵਾਹਾ ਸਕੂਲ, ਕੋਟਕਪੂਰਾ ਵਿਖੇ ਦਸਵੀਂ ਜਮਾਤ ਵਿੱਚ ਪੜ੍ਹਦੀ ਜਸਨਪ੍ਰੀਤ ਕੌਰ ਪੁੱਤਰੀ ਮੋਹਰ ਸਿੰਘ ਗਿੱਲ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਉਸ ਦੀ ਇਸ ਪ੍ਰਾਪਤੀ ਲਈ ਸਪੀਕਰ ਸੰਧਵਾਂ ਨੇ 51 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ ਸੂਬੇ ਦਾ ਹਰ ਬੱਚਾ ਮਿਆਰੀ ਸਿੱਖਿਆ ਹਾਸਲ ਕਰਕੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਕੇ ਉਨ੍ਹਾਂ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨੀ ਚਾਹੀਦੀ ਹੈ। ਸਿੱਖਿਆ ਹੀ ਅਜਿਹਾ ਸਾਧਨ ਹੈ, ਜਿਸ ਰਾਹੀਂ ਨੌਜਵਾਨ ਆਪਣੇ ਮਾਪਿਆਂ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਦੇ ਹਨ। ਵਿਦਿਆਰਥਣ ਜਸਨਪ੍ਰੀਤ ਕੌਰ ਨੇ ਸਨਮਾਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ।