- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਾਂਵਾਲਾ ਤੇ ਚਮੇਲੀ ਦੇ ਲਾਲ ਲਕੀਰ ਵਸਨੀਕਾਂ ਨੂੰ ਮਿਲੇ ਮਾਲਕੀ ਹੱਕਾਂ ਦੇ ਦਸਤਾਵੇਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਸਿੱਖਾਂਵਾਲਾ ਅਤੇ ਚਮੇਲੀ ਵਿੱਚ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਨਾਲ ਸਬੰਧਤ ਦਸਤਾਵੇਜ਼ ਤਕਸੀਮ ਕੀਤੇ। ਇਸ ਉਪਰਾਲੇ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ਾਂ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਆਪਣੇ ਹੱਕਾਂ ਦਾ ਰਿਕਾਰਡ ਸੰਭਾਲਣ ਵਿੱਚ ਸਹੂਲਤ ਮਿਲੇਗੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਤਹਿਤ ਯੋਗ ਪਰਿਵਾਰਾਂ ਨੂੰ ਮਾਲਕੀ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਇੱਕ ਮਹੱਤਵਪੂਰਨ ਕਦਮ ਹੈ। ਘਰ ਹਰ ਪਰਿਵਾਰ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ ਅਤੇ ਇਸ ਦੀ ਮਾਲਕੀ ਦੇ ਸਬੂਤ ਹੋਣ ਨਾਲ ਲੋਕਾਂ ਨੂੰ ਜਾਇਦਾਦ ਨਾਲ ਜੁੜੇ ਵੱਖ-ਵੱਖ ਕੰਮਾਂ ਵਿੱਚ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਨਾਲ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿੱਖਾਂਵਾਲਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਵਿਛਾਈ ਗਈ ਸੀਵਰੇਜ ਪਾਈਪ ਲਾਈਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਪ੍ਰਬੰਧ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਹੈ।