- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ’ਚ ਰਾਜ ਪੱਧਰੀ ਖੇਡਾਂ ਦਾ ਆਗਾਜ਼, 4 ਹਜ਼ਾਰ ਦੇ ਕਰੀਬ ਖਿਡਾਰੀ ਦਿਖਾਉਣਗੇ ਦਮਖਮ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਸ਼ੁੱਕਰਵਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4)’ ਤਹਿਤ ਰਾਜ ਪੱਧਰੀ ਹੈਂਡਬਾਲ ਅਤੇ ਤਾਈਕਵਾਂਡੋ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡਾਂ ਵਿੱਚ ਲਗਭਗ 4 ਹਜ਼ਾਰ ਖਿਡਾਰੀਆਂ ਦੀ ਸ਼ਮੂਲੀਅਤ ਨਾਲ ਜਿੱਥੇ ਖੇਡ ਮੈਦਾਨ ਵਿੱਚ ਮੁਕਾਬਲੇਬਾਜ਼ੀ ਦਾ ਮਾਹੌਲ ਬਣੇਗਾ, ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਦੇ ਸਰਕਾਰ ਦੇ ਉਪਰਾਲੇ ਨੂੰ ਵੀ ਹੁਲਾਰਾ ਮਿਲੇਗਾ। 17 ਤੋਂ 23 ਅਕਤੂਬਰ ਤੱਕ ਚੱਲਣ ਵਾਲੀਆਂ ਇਨ੍ਹਾਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦਾ ਅਹਿਮ ਸਾਧਨ ਹਨ। ਖੇਡਾਂ ਨਾਲ ਜੁੜ ਕੇ ਨੌਜਵਾਨ ਨਾ ਸਿਰਫ਼ ਆਪਣੀ ਸਿਹਤ ਨੂੰ ਬਿਹਤਰ ਬਣਾ ਸਕਦੇ ਹਨ, ਸਗੋਂ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਅਪਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮਕਸਦ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮੁਹੱਈਆ ਕਰਵਾਉਣਾ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬ ਦੇ ਖਿਡਾਰੀ ਆਪਣੀਆਂ ਪ੍ਰਾਪਤੀਆਂ ਨਾਲ ਦੇਸ਼ ਅਤੇ ਦੁਨੀਆ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਿੱਚ ਸਹਾਈ ਹੋ ਸਕਦੇ ਹਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ 23 ਅਕਤੂਬਰ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਲਗਭਗ 4 ਹਜ਼ਾਰ ਖਿਡਾਰੀ ਭਾਗ ਲੈਣਗੇ। ਖਿਡਾਰੀਆਂ ਦੇ ਰਹਿਣ-ਸਹਿਣ, ਖਾਣੇ ਅਤੇ ਰਿਫਰੈਸ਼ਮੈਂਟ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਖੇਡ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਸਟੇਡੀਅਮ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੂਚਨਾ ਕਮਿਸ਼ਨਰ ਸੰਦੀਪ ਧਾਲੀਵਾਲ, ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਬਾਬਾ, ਚੇਅਰਮੈਨ ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲਾ, ਸਰਪੰਚ ਬਲਦੇਵ ਸਿੰਘ ਭਾਣਾ ਅਤੇ ਜਗਮੀਤ ਸਿੰਘ ਜੱਗੀ ਮੀਡੀਆ ਇੰਚਾਰਜ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਜ਼ਿਲ੍ਹਾ ਖੇਡ ਅਫ਼ਸਰ ਨੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏਡੀਸੀ ਕੇਸ਼ਵ ਗੋਇਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਲਈ ਧੰਨਵਾਦ ਕੀਤਾ।