ਫਰੀਦਕੋਟ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਪੁਲਿਸ ਦੀ ਤੜਕਸਾਰ ਛਾਪੇਮਾਰੀ
Publish Date: Sat, 17 Oct 2026 04:04 PM (IST)
Updated Date: Sat, 17 Oct 2026 04:06 PM (IST)
ਨਸ਼ੇ ਦੇ ਸੌਦਾਗਰਾਂ ਦੀ 9 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫਰੀਜ਼ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਨਸ਼ਾ ਤਸਕਰੀ ਰਾਹੀਂ ਬਣਾਈ ਗਈ ਗੈਰ-ਕਾਨੂੰਨੀ ਜਾਇਦਾਦ ’ਤੇ ਸ਼ਿਕੰਜਾ ਕੱਸਦਿਆਂ ਫ਼ਰੀਦਕੋਟ ਪੁਲਿਸ ਵੱਲੋਂ 9 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਸ਼ਨੀਵਾਰ ਸਵੇਰੇ 6 ਵਜੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਨਸ਼ਾ ਤਸਕਰੀ ਦੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕੀਤੀ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਅਤੇ ਐੱਸਪੀ (ਆਪ੍ਰੇਸ਼ਨ) ਮਨੀਸ਼ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਕਰੀਬ 195 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਐੱਸਪੀ ਅਤੇ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਨੇ ਕਾਰਵਾਈ ਦੀ ਨਿਗਰਾਨੀ ਕੀਤੀ। ਪੁਲਿਸ ਟੀਮਾਂ ਨੇ ਨਸ਼ਿਆਂ ਦੇ ਸੰਵੇਦਨਸ਼ੀਲ ਇਲਾਕਿਆਂ ਦੀ ਘੇਰਾਬੰਦੀ ਕਰ ਕੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਜਾਇਦਾਦਾਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਸਬੰਧਤ ਅਥਾਰਟੀ ਤੋਂ ਮਨਜ਼ੂਰੀ ਮਿਲਣ ਉਪਰੰਤ 9 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਜਾਇਦਾਦ ਫ੍ਰੀਜ਼ ਕੀਤੀ ਗਈ ਹੈ। ਚਾਰ ਮਹੀਨਿਆਂ ’ਚ 818 ਮੁਲਜ਼ਮ ਗ੍ਰਿਫ਼ਤਾਰ ਪੁਲਿਸ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਜੂਨ, ਜੁਲਾਈ, ਅਗਸਤ ਅਤੇ ਸਤੰਬਰ 2026 ਦੌਰਾਨ ਨਸ਼ਿਆਂ ਨਾਲ ਸਬੰਧਤ 562 ਮੁਕੱਦਮੇ ਦਰਜ ਕਰ ਕੇ 818 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਦੌਰਾਨ 82 ਕਿਲੋ 280 ਗ੍ਰਾਮ ਹੈਰੋਇਨ, 79 ਕਿਲੋ ਪੋਸਤ, 8,718 ਨਸ਼ੀਲੀਆਂ ਗੋਲੀਆਂ ਅਤੇ 2 ਕਿਲੋ 287 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਲਗਭਗ 76 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ। ਐੱਸਐੱਸਪੀ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲਿਆਂ ਦੀ ਜਾਂਚ ਦੌਰਾਨ ਨਸ਼ੇ ਦੇ ਸਰੋਤ ਅਤੇ ਅੱਗੇ ਸਪਲਾਈ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਰ੍ਹਾਂ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਤੱਕ ਪਹੁੰਚਣ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਨੂੰ ਇਲਾਜ ਲਈ ਕੀਤਾ ਜਾ ਰਿਹਾ ਪ੍ਰੇਰਿਤ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਸਾਲ 2026 ਦੌਰਾਨ ਹੁਣ ਤੱਕ 577 ਨਸ਼ਾ ਪੀੜਤ ਵਿਅਕਤੀਆਂ ਨੂੰ ਪ੍ਰੇਰਿਤ ਕਰ ਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਤਰ੍ਹਾਂ 349 ਤੋਂ ਵੱਧ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਪੁਲਿਸ ਅਨੁਸਾਰ ਸੇਫ ਪੰਜਾਬ ਹੈਲਪਲਾਈਨ ਰਾਹੀਂ ਫ਼ਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਸਬੰਧੀ 1,766 ਦਰਖਾਸਤਾਂ ਪ੍ਰਾਪਤ ਹੋਈਆਂ। ਇਨ੍ਹਾਂ ਦੀ ਤਸਦੀਕ ਕਰਨ ਉਪਰੰਤ 777 ਮੁਕੱਦਮੇ ਦਰਜ ਕਰ ਕੇ 1,210 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿਛਲੇ ਤਿੰਨ ਮਹੀਨਿਆਂ ਦੌਰਾਨ 19 ਪਿਸਤੌਲ ਅਤੇ ਇੱਕ ਪਾਈਪ ਗੰਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਲੋਕਾਂ ਦੇ ਸਹਿਯੋਗ ਅਤੇ ਨਸ਼ਾ ਪੀੜਤਾਂ ਦੇ ਇਲਾਜ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।