- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਵਿਧਾਇਕ ਅਮੋਲਕ ਸਿੰਘ ਨੂੰ ਸੌਂਪਿਆ ਮੰਗ ਪੱਤਰ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦੇ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਜੈਤੋ ਦੇ ਆਗੂਆਂ ਅਤੇ ਪ੍ਰਭਾਵਿਤ ਕਿਸਾਨਾਂ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤੀ ਆਫ਼ਤ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਕਿਸਾਨ ਆਗੂ ਛਿੰਦਾ ਸਿੰਘ ਦਲ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਭਾਰੀ ਬੋਝ, ਖੇਤੀ ਲਾਗਤਾਂ ਵਿੱਚ ਵਾਧੇ ਅਤੇ ਆਰਥਿਕ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਅਜਿਹੇ ਹਾਲਾਤ ਵਿੱਚ ਪੱਕਣ ਕਿਨਾਰੇ ਖੜ੍ਹੀ ਝੋਨੇ ਦੀ ਫ਼ਸਲ ਦਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨਿਆ ਜਾਣਾ ਕਿਸਾਨਾਂ ਲਈ ਵੱਡੀ ਆਰਥਿਕ ਸੱਟ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਫ਼ਸਲ ਦੀ ਬਿਜਾਈ ਤੋਂ ਲੈ ਕੇ ਵਾਢੀ ਤੱਕ ਭਾਰੀ ਮਿਹਨਤ ਅਤੇ ਖ਼ਰਚ ਕੀਤਾ ਹੁੰਦਾ ਹੈ, ਪਰ ਜਦੋਂ ਫ਼ਸਲ ਪੱਕਣ ਦੇ ਨੇੜੇ ਪਹੁੰਚਦੀ ਹੈ ਤਾਂ ਕੁਦਰਤੀ ਆਫ਼ਤ ਕਾਰਨ ਹੋਇਆ ਨੁਕਸਾਨ ਉਨ੍ਹਾਂ ਦੀਆਂ ਸਾਰੀਆਂ ਉਮੀਦਾਂ ’ਤੇ ਪਾਣੀ ਫੇਰ ਦਿੰਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਸਹੀ ਤਸਵੀਰ ਸਾਹਮਣੇ ਲਿਆਉਣ ਲਈ ਪ੍ਰਭਾਵਿਤ ਖੇਤਰਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਵਿਸ਼ੇਸ਼ ਗਿਰਦਾਵਰੀ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਗਿਰਦਾਵਰੀ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾਵੇ, ਤਾਂ ਜੋ ਕਿਸੇ ਵੀ ਪ੍ਰਭਾਵਿਤ ਕਿਸਾਨ ਨਾਲ ਬੇਇਨਸਾਫ਼ੀ ਨਾ ਹੋਵੇ ਅਤੇ ਨੁਕਸਾਨ ਦੇ ਅਸਲ ਮੁਲਾਂਕਣ ਦੇ ਆਧਾਰ ’ਤੇ ਮੁਆਵਜ਼ਾ ਮਿਲ ਸਕੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ ਕਿ ਮੁਆਵਜ਼ਾ ਦੇਣ ਸਮੇਂ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਠੇਕੇ ’ਤੇ ਜ਼ਮੀਨ ਲੈਣ ਵਾਲੇ ਕਾਸ਼ਤਕਾਰ ਵੀ ਫ਼ਸਲ ਦੀ ਬਿਜਾਈ, ਖਾਦਾਂ, ਦਵਾਈਆਂ, ਡੀਜ਼ਲ ਅਤੇ ਹੋਰ ਖੇਤੀ ਲਾਗਤਾਂ ’ਤੇ ਵੱਡੀ ਰਕਮ ਖ਼ਰਚ ਕਰਦੇ ਹਨ। ਇਸ ਲਈ ਫ਼ਸਲ ਦੇ ਨੁਕਸਾਨ ਦੀ ਸੂਰਤ ਵਿੱਚ ਇਨ੍ਹਾਂ ਕਿਸਾਨਾਂ ਨੂੰ ਵੀ ਮੁਆਵਜ਼ੇ ਦਾ ਹੱਕਦਾਰ ਬਣਾਇਆ ਜਾਵੇ ਅਤੇ ਮੁਆਵਜ਼ੇ ਦੀ ਗਣਨਾ ਲਈ ਏਕੜ ਨੂੰ ਇਕਾਈ ਮੰਨਿਆ ਜਾਵੇ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀ ਗਈ ਝੋਨੇ ਦੀ ਫ਼ਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਮੁਆਵਜ਼ਾ ਮਿਲਣ ਨਾਲ ਕਿਸਾਨਾਂ ਨੂੰ ਆਰਥਿਕ ਸੰਕਟ ਵਿੱਚੋਂ ਕੁਝ ਰਾਹਤ ਮਿਲ ਸਕਦੀ ਹੈ ਅਤੇ ਉਹ ਆਪਣੇ ਪਰਿਵਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਅਗਲੀ ਫ਼ਸਲ ਦੀ ਤਿਆਰੀ ਵੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਮਾਰ ਕਿਸਾਨਾਂ ਦੇ ਨਾਲ-ਨਾਲ ਖੇਤੀਬਾੜੀ ’ਤੇ ਨਿਰਭਰ ਪਰਿਵਾਰਾਂ ਦੀ ਆਰਥਿਕਤਾ ’ਤੇ ਵੀ ਪੈਂਦੀ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਸ਼ੇਸ਼ ਗਿਰਦਾਵਰੀ ਅਤੇ ਮੁਆਵਜ਼ੇ ਸਬੰਧੀ ਮੰਗਾਂ ’ਤੇ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਅਤੇ ਫ਼ਸਲ ਦੇ ਨੁਕਸਾਨ ਸਬੰਧੀ ਮਾਮਲੇ ਨੂੰ ਸਬੰਧਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਕਿਸਾਨਾਂ ਦੀਆਂ ਮੰਗਾਂ ਸਬੰਧੀ ਯੋਗ ਪੱਧਰ ’ਤੇ ਗੱਲਬਾਤ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਰੋੜੀਕਪੂਰਾ ਦੇ ਆਗੂ ਚਾਨਣ ਸਿੰਘ, ਪਰਮਵੀਰ ਸਿੰਘ ਅਤੇ ਗੁਰਪਿੰਦਰ ਸਿੰਘ, ਇਕਾਈ ਰਾਮੂਵਾਲਾ ਦੇ ਪ੍ਰਧਾਨ ਸੁਖਦੇਵ ਸਿੰਘ, ਜਗਦੀਪ ਸਿੰਘ ਰਾਮੂਵਾਲਾ, ਇਕਾਈ ਆਗੂ ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ, ਬਲਦੇਵ ਸਿੰਘ ਮੱਤਾ ਅਤੇ ਦਿਲਬਾਗ ਸਿੰਘ ਮੱਤਾ ਸਮੇਤ ਹੋਰ ਕਿਸਾਨ ਹਾਜ਼ਰ ਸਨ।