- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਭਾਈ ਸਾਈਂ ਦਾਸ ਜੀ ਵਿਖੇ 50 ਐੱਨਐੱਸਐੱਸ ਵਲੰਟੀਅਰਾਂ ਨੇ ਕੀਤੀ ਸਫ਼ਾਈ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ: ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ, ਹਰੀ ਨੌਂ ਦੀ ਐੱਨਐੱਸਐੱਸ ਇਕਾਈ ਵੱਲੋਂ ਗੁਰਦੁਆਰਾ ਭਾਈ ਸਾਈਂ ਦਾਸ ਜੀ ਵਿਖੇ ਇੱਕ ਰੋਜ਼ਾ ਸਫ਼ਾਈ ਕੈਂਪ ਲਗਾਇਆ ਗਿਆ। ਇਸ ਦੌਰਾਨ 50 ਐੱਨਐੱਸਐੱਸ ਵਲੰਟੀਅਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਅੰਦਰੂਨੀ ਹਿੱਸਿਆਂ ਅਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ। ਵਲੰਟੀਅਰਾਂ ਨੇ ਸੇਵਾ ਕਾਰਜ ਵਿੱਚ ਯੋਗਦਾਨ ਪਾਉਂਦਿਆਂ ਧਾਰਮਿਕ ਸਥਾਨਾਂ ਦੀ ਸਾਫ਼-ਸਫ਼ਾਈ ਅਤੇ ਸਾਂਝੀਆਂ ਥਾਵਾਂ ਨੂੰ ਸਵੱਛ ਰੱਖਣ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੇ ਇਹ ਸੁਨੇਹਾ ਦਿੱਤਾ ਕਿ ਸਫ਼ਾਈ ਸਿਰਫ਼ ਨਿੱਜੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸਮਾਜ ਪ੍ਰਤੀ ਸਾਂਝਾ ਫ਼ਰਜ਼ ਵੀ ਹੈ। ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਡੀਪੀਈ ਜਸਕਰਨ ਸਿੰਘ ਨੇ ਵੀ ਸਹਿਯੋਗ ਦਿੱਤਾ। ਕੈਂਪ ਦਾ ਮਕਸਦ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨਿਮਰਤਾ, ਅਨੁਸ਼ਾਸਨ, ਨਿਸ਼ਕਾਮ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਗੁਣਾਂ ਨਾਲ ਜੋੜਨਾ ਸੀ। ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਸੁਰਿੰਦਰ ਕੌਰ, ਪ੍ਰਿੰਸੀਪਲ ਸੋਮਾ ਦੇਵੀ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਮਾਜ ਸੇਵਾ ਅਤੇ ਸਫ਼ਾਈ ਮੁਹਿੰਮਾਂ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।