- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਦੌਰਾਨ ਕੋਟਕਪੂਰਾ ਨੂੰ ਟ੍ਰੈਫ਼ਿਕ ਜਾਮ ਤੋਂ ਬਚਾਉਣ ਲਈ ਐੱਸਐੱਸਪੀ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ, ਫ਼ਰੀਦਕੋਟ : ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਟਕਪੂਰਾ ਦੇ ਬਾਜ਼ਾਰਾਂ ਵਿੱਚ ਵਧਣ ਵਾਲੀ ਭੀੜ ਅਤੇ ਟ੍ਰੈਫ਼ਿਕ ਜਾਮ ਦੀ ਸਮੱਸਿਆ ਨਾਲ ਨਜਿੱਠਣ ਲਈ ਐੱਸਐੱਸਪੀ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਚੈਂਬਰ ਆਫ਼ ਕਾਮਰਸ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਬਿਹਤਰ ਬਣਾਉਣ, ਵਾਹਨਾਂ ਦੀ ਪਾਰਕਿੰਗ ਨੂੰ ਨਿਯਮਬੱਧ ਕਰਨ ਅਤੇ ਆਮ ਲੋਕਾਂ ਦੀ ਆਵਾਜਾਈ ਸੁਖਾਲੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਐੱਸਐੱਸਪੀ ਨੇ ਵਪਾਰੀਆਂ ਵੱਲੋਂ ਪੇਸ਼ ਕੀਤੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸੁਣਿਆ। ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਸੜਕਾਂ ’ਤੇ ਆਵਾਜਾਈ ਨਿਰਵਿਘਨ ਰੱਖਣ ਅਤੇ ਬੇਤਰਤੀਬ ਪਾਰਕਿੰਗ ਕਾਰਨ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ’ਤੇ ਜ਼ੋਰ ਦਿੱਤਾ ਗਿਆ। ਕੋਟਕਪੂਰਾ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਪੀਲੀਆਂ ਲਾਈਨਾਂ ਲਗਾ ਕੇ ਪਾਰਕਿੰਗ ਵਿਵਸਥਾ ਨੂੰ ਸੁਚਾਰੂ ਬਣਾਉਣ ਸਬੰਧੀ ਵਿਚਾਰ ਕੀਤਾ ਗਿਆ। ਇਸ ਉਪਰਾਲੇ ਦਾ ਉਦੇਸ਼ ਸੜਕਾਂ ’ਤੇ ਵਾਹਨਾਂ ਦੀ ਬੇਤਰਤੀਬ ਪਾਰਕਿੰਗ ਨੂੰ ਰੋਕਣਾ ਅਤੇ ਆਵਾਜਾਈ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣਾ ਹੈ। ਐੱਸਐੱਸਪੀ ਨੇ ਸਬੰਧਤ ਅਧਿਕਾਰੀਆਂ ਨੂੰ ਟ੍ਰੈਫ਼ਿਕ ਦੀ ਸਥਿਤੀ ’ਤੇ ਨਜ਼ਰ ਰੱਖਣ ਅਤੇ ਲੋੜ ਅਨੁਸਾਰ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ। ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਆਵਾਜਾਈ ਵਿੱਚ ਰੁਕਾਵਟ ਨਾ ਪਾਉਣ ਅਤੇ ਲੋਕ ਆਪਣੇ ਵਾਹਨ ਨਿਰਧਾਰਤ ਪਾਰਕਿੰਗ ਥਾਵਾਂ ’ਤੇ ਹੀ ਖੜ੍ਹੇ ਕਰਨ। ਐੱਸਐੱਸਪੀ ਨੇ ਟ੍ਰੈਫ਼ਿਕ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵਪਾਰੀ ਵਰਗ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੀ ਅਗਵਾਈ ਹੇਠ ਕੀਤੀ ਗਈ ਇਸ ਮੀਟਿੰਗ ਦਾ ਮੁੱਖ ਮਕਸਦ ਤਿਉਹਾਰਾਂ ਦੌਰਾਨ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਰੱਖਣਾ ਅਤੇ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਟ੍ਰੈਫ਼ਿਕ ਜਾਮ ਦੀ ਸਮੱਸਿਆ ਤੋਂ ਰਾਹਤ ਦਿਵਾਉਣਾ ਹੈ।