- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਵਰਸਿਟੀ ਕਾਲਜ ਜੈਤੋ ਵਿਖੇ ‘ਨਸ਼ਾ ਮੁਕਤ ਨੌਜਵਾਨ’ ਵਿਸ਼ੇ ’ਤੇ ਸਮਾਗਮ ਕਰਵਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੇਰਾ ਯੁਵਾ ਭਾਰਤ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਯੂਨੀਵਰਸਿਟੀ ਕਾਲਜ ਜੈਤੋ ਦੀਆਂ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਇਕਾਈਆਂ ਦੇ ਸਹਿਯੋਗ ਨਾਲ ‘ਨੇਬਰਹੁੱਡ ਯੂਥ ਪਾਰਲੀਮੈਂਟ’ ਪ੍ਰੋਗਰਾਮ ਤਹਿਤ ‘ਨਸ਼ਾ ਮੁਕਤ ਨੌਜਵਾਨ’ ਵਿਸ਼ੇ ’ਤੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਪ੍ਰੋਗਰਾਮ ਅਫ਼ਸਰ ਡਾ. ਰਾਜੀਵ ਕਪੂਰ ਅਤੇ ਪ੍ਰੋ. ਸੁਮਨ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਮੁੱਖ ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੋਸਟਰ ਮੁਕਾਬਲਿਆਂ ਅਤੇ ਸਲੋਗਨ ਲੇਖਣ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਦੀ ਸਫਲਤਾ ਲਈ ਸਹਿਯੋਗੀ ਵਿਦਿਆਰਥੀਆਂ ਨੂੰ ਮੈਡਲ ਦੇ ਸਨਮਾਨਿਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਸਿੱਖਿਆ, ਅਨੁਸ਼ਾਸਨ ਅਤੇ ਚੰਗੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਅਤੇ ਦੇਸ਼ ਦੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਸੰਦੇਸ਼ ਦਿੱਤਾ। ਸੀਨੀਅਰ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਤੱਗੜ ਨੇ ਨਸ਼ਿਆਂ ਦੀ ਸਮੱਸਿਆ ਦੇ ਸਮਾਜਿਕ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਬਚਾਅ ਲਈ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਬਹੁਤ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਯੁਵਾ ਸ਼ਕਤੀ ਦੀ ਮਹੱਤਤਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮ ਹਿੱਸਾ ਲੈਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਲੇਖਾ ਅਧਿਕਾਰੀ ਮਨਜੀਤਜੀਤ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਵਿੱਚ ਸਹੀ ਫ਼ੈਸਲੇ ਲੈਣ, ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਅਫ਼ਸਰ ਡਾ. ਰਾਜੀਵ ਕਪੂਰ ਨੇ ਨਸ਼ਾ ਮੁਕਤੀ ਵਰਗੇ ਸਮਾਜਿਕ ਮੁੱਦਿਆਂ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਮਹੱਤਵਪੂਰਨ ਦੱਸਦਿਆਂ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰੋ. ਸੁਮਨ ਨੇ ਹਾਜ਼ਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਸਹੁੰ ਚੁਕਵਾਈ। ਸਮਾਗਮ ਦਾ ਸੰਚਾਲਨ ਡਾ. ਗੁਰਬਿੰਦਰ ਕੌਰ ਬਰਾੜ ਨੇ ਕੀਤਾ। ਸਮਾਗਮ ਵਿੱਚ ਡਾ. ਭਵਨਦੀਪ ਕੌਰ, ਪ੍ਰੋ. ਮਹਿੰਦਰ ਕੌਰ, ਪ੍ਰੋ. ਕਮਲਦੀਪ ਕੌਰ, ਪ੍ਰੋ. ਸ਼ਿਵਾਨੀ, ਪ੍ਰੋ. ਮਨਿੰਦਰ ਕੌਰ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਸਮੂਹ ਵਲੰਟੀਅਰ ਹਾਜ਼ਰ ਸਨ।