- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਕੁਦਰਤੀ ਆਫ਼ਤ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਪਹੁੰਚ ਕੇ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣਾ ਚਿੰਤਾ ਦਾ ਵਿਸ਼ਾ ਹੈ। ਅਜਿਹੇ ਔਖੇ ਸਮੇਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਨੂੰ ਬਣਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨ ਕਰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਫ਼ਸਲਾਂ ਦੇ ਨੁਕਸਾਨ ਸਬੰਧੀ ਬਣਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਰਾਹਤ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ, ਪਿੰਡ ਖਾਰਾ ਦੇ ਸਰਪੰਚ ਜਗਤਾਰ ਸਿੰਘ ਜੱਗਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।