- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣਾ ਜ਼ਰੂਰੀ : ਸੰਦੀਪ ਸਿੰਘ ਔਲਖ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਯੂਥ ਅਕਾਲੀ ਦਲ (ਬ) ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਔਲਖ ਰਾਮੇਆਣਾ ਸਪੁੱਤਰ ਸਵ. ਅਮਰਜੀਤ ਸਿੰਘ ਔਲਖ (ਸਾਬਕਾ ਚੇਅਰਮੈਨ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ) ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਅਮੀਰ ਰਵਾਇਤਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਅਕਾਲੀ ਦਲ ਦੀ ਸਰਕਾਰ ਬਣਨੀ ਚਾਹੀਦੀ ਹੈ। ਸੰਦੀਪ ਸਿੰਘ ਔਲਖ ਰਾਮੇਆਣਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ, ਪਰ ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਨਹੀਂ ਹੋਇਆ। ਉਨ੍ਹਾਂ ਪੰਜਾਬ ਸਿਰ ਵਧ ਰਹੇ ਕਰਜ਼ੇ ਅਤੇ ਸਰਕਾਰੀ ਪੈਸੇ ਦੀ ਵਰਤੋਂ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਪੈਸੇ ਦੀ ਵਰਤੋਂ ਦੂਜੇ ਸੂਬਿਆਂ ਵਿੱਚ ਇਸ਼ਤਿਹਾਰਬਾਜ਼ੀ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰੋਤਾਂ ਦੀ ਵਰਤੋਂ ਪੰਜਾਬ ਦੇ ਵਿਕਾਸ, ਸਿੱਖਿਆ, ਸਿਹਤ ਸੇਵਾਵਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ, ਗੈਂਗਵਾਰ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਅਤੇ ਗੈਂਗਵਾਰ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣਗੇ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਦੇ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਲੋਕ ਭਲਾਈ ਸਕੀਮਾਂ ਬਾਰੇ ਗੱਲ ਕਰਦਿਆਂ ਸੰਦੀਪ ਸਿੰਘ ਔਲਖ ਰਾਮੇਆਣਾ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਬੁਢਾਪਾ, ਵਿਧਵਾ ਅਤੇ ਹੋਰ ਯੋਗ ਲਾਭਪਾਤਰੀਆਂ ਦੀ ਪੈਨਸ਼ਨ ਵਧਾ ਕੇ 3,100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਸ਼ਗਨ ਸਕੀਮ ਤਹਿਤ ਇੱਕ ਲੱਖ ਰੁਪਏ ਦੇਣ, ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਸਹਾਇਤਾ ਦੇਣ ਅਤੇ ਖੇਤੀਬਾੜੀ ਸੰਦਾਂ ’ਤੇ 70 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਜਾਣਗੇ। ਇਸ ਤੋਂ ਇਲਾਵਾ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ 10 ਲੱਖ ਰੁਪਏ ਤੱਕ ਦੇ ਵਿਆਜ ਮੁਕਤ ਕਰਜ਼ੇ ਦੇਣ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਵੀ ਧਿਆਨ ਦਿੱਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਖ਼ੁਸ਼ਹਾਲੀ, ਨੌਜਵਾਨਾਂ ਦੇ ਭਵਿੱਖ ਅਤੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨ, ਤਾਂ ਜੋ ਸੂਬੇ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਂਦਾ ਜਾ ਸਕੇ।