- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕਰੀਰਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਨਵੀਂ ਇਕਾਈ ਦਾ ਗਠਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਕਿਸਾਨੀ ਹੱਕਾਂ ਦੀ ਰਾਖੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਕਰੀਰਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਨਵੀਂ ਪਿੰਡ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਮੈਂਬਰ ਨਛੱਤਰ ਸਿੰਘ ਜੈਤੋ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਜਥੇਬੰਦਕ ਤੌਰ ’ਤੇ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਹੀ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨਵੀਂ ਬਣੀ ਪਿੰਡ ਇਕਾਈ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਇਸ ਦੌਰਾਨ ਸਰਬਸੰਮਤੀ ਨਾਲ ਨਵੀਂ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਵਿੱਚ ਰਣਜੀਤ ਸਿੰਘ ਨੂੰ ਪਿੰਡ ਪ੍ਰਧਾਨ, ਪੰਚ ਹਰਮੇਲ ਸਿੰਘ ਬਾਠ ਨੂੰ ਜਨਰਲ ਸਕੱਤਰ, ਗੁਰਸੇਵਕ ਸਿੰਘ ਨੂੰ ਖ਼ਜ਼ਾਨਚੀ, ਹਰਜਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਨਿਹਾਲ ਸਿੰਘ ਨੂੰ ਮੀਤ ਪ੍ਰਧਾਨ, ਗੁਰਦੀਪ ਸਿੰਘ ਨੂੰ ਪ੍ਰੈੱਸ ਸਕੱਤਰ, ਕਰਮਜੀਤ ਸਿੰਘ ਨੂੰ ਸਲਾਹਕਾਰ ਅਤੇ ਬਲਵਿੰਦਰ ਸਿੰਘ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ। ਨਵੀਂ ਚੁਣੀ ਗਈ ਇਕਾਈ ਦੇ ਅਹੁਦੇਦਾਰਾਂ ਨੇ ਯੂਨੀਅਨ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਅਨੁਸਾਰ ਕੰਮ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਉਣ ਦੇ ਨਾਲ-ਨਾਲ ਕਿਸਾਨੀ ਹੱਕਾਂ ਦੀ ਰਾਖੀ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਕੁਲਦੀਪ ਸਿੰਘ ਕੀਪਾ, ਮੈਂਬਰ ਜੱਗਾ ਸਿੰਘ, ਰਿਆਸਤੀ ਸਿੰਘ, ਜਸਮੇਲ ਸਿੰਘ ਬਰਾੜ, ਤਾਰਾ ਸਿੰਘ ਅਤੇ ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਸਮੇਤ ਹੋਰ ਕਿਸਾਨ ਹਾਜ਼ਰ ਸਨ। ਸਮਾਗਮ ਦੌਰਾਨ ਕਿਸਾਨਾਂ ਨੇ ਜਥੇਬੰਦੀ ਦੀ ਮਜ਼ਬੂਤੀ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ।