- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਵਰਗ ਦੀ ਭਲਾਈ ਲਈ ਮਾਨ ਸਰਕਾਰ ਨੇ ਕੀਤੇ ਇਤਿਹਾਸਕ ਕੰਮ : ਅਮਰ ਸਿੰਗਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਯੂਥ ਆਗੂ ਅਤੇ ਨਗਰ ਕੌਂਸਲਰ ਜੈਤੋ ਅਮਰ ਸਿੰਘ ਸਿੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ-ਭਲਾਈ ਨੂੰ ਤਰਜੀਹ ਦਿੰਦਿਆਂ ਕਈ ਅਹਿਮ ਫ਼ੈਸਲੇ ਲਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਕੀਤਾ ਹੈ, ਜਿਸ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਵਿਸ਼ੇਸ਼ ਗੱਲਬਾਤ ਦੌਰਾਨ ਕੌਂਸਲਰ ਅਮਰ ਸਿੰਘ ਸਿੰਗਲ ਨੇ ਕਿਹਾ ਕਿ ਸਰਕਾਰ ਨੇ ਬਿਜਲੀ, ਸਿਹਤ, ਸਿੱਖਿਆ, ਰੁਜ਼ਗਾਰ ਅਤੇ ਖੇਤੀਬਾੜੀ ਸਮੇਤ ਕਈ ਖੇਤਰਾਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਮਿਲਣ ਨਾਲ ਪਰਿਵਾਰਾਂ ਦੇ ਬਿਜਲੀ ਖ਼ਰਚੇ ਘਟਾਉਣ ਵਿੱਚ ਮਦਦ ਮਿਲੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਦੇਣ ਅਤੇ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੀ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਪਾਣੀ ਦੀ ਪਹੁੰਚ ਲਗਭਗ 80 ਫ਼ੀਸਦੀ ਖੇਤਾਂ ਤੱਕ ਹੋਣ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਸਹੂਲਤ ਮਿਲੀ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਵੀ ਉਤਸ਼ਾਹ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਰੁਜ਼ਗਾਰ ਦੇ ਮੁੱਦੇ ’ਤੇ ਬੋਲਦਿਆਂ ‘ਆਪ’ ਆਗੂ ਕੌਂਸਲਰ ਅਮਰ ਸਿੰਘ ਸਿੰਗਲ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਦੇਣਾ ਸੂਬੇ ਦੀ ਤਰੱਕੀ ਲਈ ਜ਼ਰੂਰੀ ਹੈ। ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਦੀ ਪਹਿਲ ਵੀ ਲੋਕਾਂ ਲਈ ਅਹਿਮ ਹੈ। ਇਸ ਤੋਂ ਇਲਾਵਾ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਹਿਲਾਵਾਂ ਦੀ ਭਲਾਈ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਕੌਂਸਲਰ ਅਮਰ ਸਿੰਘ ਸਿੰਗਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ, ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਰਕਾਰ ਦੇ ਅਹਿਮ ਉਪਰਾਲੇ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲ ਰਹੇ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਯਤਨ ਜਾਰੀ ਰਹਿਣਗੇ।