- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ‘ਜੰਗਲ ਰਾਜ’ ਵਰਗੀ ਸਥਿਤੀ : ਪ੍ਰਕਾਸ਼ ਸਿੰਘ ਭੱਟੀ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਵਾਰਦਾਤ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰ ਰਹੇ ਸਮਾਜਿਕ ਕਾਰਕੁੰਨਾਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਇਹ ਸਮਾਜ ਲਈ ਬੇਹੱਦ ਚਿੰਤਾਜਨਕ ਸਥਿਤੀ ਹੈ। ਅਜਿਹੀਆਂ ਘਟਨਾਵਾਂ ਨਾ ਸਿਰਫ਼ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ, ਸਗੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਲੋਕਾਂ ਦੇ ਹੌਸਲੇ ਨੂੰ ਵੀ ਢਾਹ ਲਾਉਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਜਿਹੀਆਂ ਵਾਰਦਾਤਾਂ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਬਾਰੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਦਾ ਰਾਜ ਕਾਇਮ ਰੱਖਣਾ, ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਐਲਾਨਾਂ ਅਤੇ ਦਾਅਵਿਆਂ ਦੀ ਬਜਾਏ ਠੋਸ ਕਾਰਵਾਈ, ਪ੍ਰਭਾਵਸ਼ਾਲੀ ਪੁਲਿਸ ਪ੍ਰਬੰਧ ਅਤੇ ਸਮਾਜਿਕ ਕਾਰਕੁੰਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ ਅਤੇ ਲੋਕ ਬਿਨਾਂ ਕਿਸੇ ਡਰ ਦੇ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ਼ ਉਠਾ ਸਕਣ। ਸਾਬਕਾ ਵਿਧਾਇਕ ਨੇ ਪੰਜਾਬ ਵਿੱਚ ਕਾਨੂੰਨ ਦੇ ਰਾਜ ਦੀ ਥਾਂ ‘ਜੰਗਲ ਰਾਜ’ ਵਰਗੀ ਸਥਿਤੀ ਹੋਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਨੈਤਿਕ ਆਧਾਰ ’ਤੇ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੇ ਮਾਹੌਲ ਦੀ ਲੋੜ ਹੈ, ਜਿੱਥੇ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਨੂੰ ਸਰਕਾਰੀ ਪੱਧਰ ’ਤੇ ਸੁਰੱਖਿਆ ਅਤੇ ਸਹਿਯੋਗ ਮਿਲੇ। ਉਨ੍ਹਾਂ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੂੰ ਗੰਭੀਰਤਾ ਨਾਲ ਠੋਸ ਕਦਮ ਚੁੱਕਣੇ ਚਾਹੀਦੇ ਹਨ।