- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਨਾਲ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਖੇਤਾਂ ’ਚ ਪੁੱਜੇ ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੇਤਾਂ ਵਿੱਚ ਪਹੁੰਚ ਕੇ ਨੁਕਸਾਨੀਆਂ ਫ਼ਸਲਾਂ ਦਾ ਮੁਆਇਨਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫ਼ਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਦਿਵਾਉਣ ਅਤੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਸ ਦੀ ਮਿਹਨਤ ਤੇ ਫ਼ਸਲ ਦੀ ਰਾਖੀ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਕਿਸਾਨ ਪੂਰਾ ਸਾਲ ਮਿਹਨਤ ਕਰਕੇ ਆਪਣੀਆਂ ਫ਼ਸਲਾਂ ਤਿਆਰ ਕਰਦੇ ਹਨ, ਪਰ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਵਰਗੀਆਂ ਕੁਦਰਤੀ ਆਫ਼ਤਾਂ ਕਾਰਨ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫਿਰ ਜਾਂਦਾ ਹੈ। ਅਜਿਹੇ ਹਾਲਾਤ ਵਿੱਚ ਕਿਸਾਨਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਕਈ ਹੋਰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਲਈ ਪੀੜਤ ਕਿਸਾਨਾਂ ਨੂੰ ਸਮੇਂ ਸਿਰ ਰਾਹਤ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਫ਼ਸਲਾਂ ਦੇ ਨੁਕਸਾਨ ਦਾ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਲਾਂਕਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੌਰਾਨ ਨੁਕਸਾਨ ਦੇ ਸਹੀ ਵੇਰਵੇ ਦਰਜ ਕੀਤੇ ਜਾਣ, ਤਾਂ ਜੋ ਕੋਈ ਵੀ ਯੋਗ ਕਿਸਾਨ ਬਣਦੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਅਤੇ ਰਿਪੋਰਟ ਤਿਆਰ ਕਰਕੇ ਅਗਲੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇ। ਇਸ ਮੌਕੇ ਕਿਸਾਨਾਂ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਆਪਣੇ ਖੇਤਾਂ ਵਿੱਚ ਹੋਏ ਨੁਕਸਾਨ ਅਤੇ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਵਿਧਾਇਕ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਪੀੜਤ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਲੋੜੀਂਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਪ੍ਰਸ਼ਾਸਨ ਨੂੰ ਤੁਰੰਤ ਅਤੇ ਜ਼ਿੰਮੇਵਾਰੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਯੂਥ ਆਗੂ ਪ੍ਰੇਮ ਕੁਮਾਰ ‘ਪ੍ਰੇਮਾ’ ਕੋਟਕਪੂਰਾ ਆਦਿ ਹਾਜ਼ਰ ਸਨ।