- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੀਕਰ ਸੰਧਵਾਂ ਨੇ ਵਾਂਦਰ ਜਟਾਣਾ ਵਿਖੇ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ, ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ : ਬੀਤੇ ਦਿਨੀਂ ਮੀਂਹ, ਤੇਜ਼ ਝੱਖੜ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਅਤੇ ਹੋਰ ਜਾਇਦਾਦ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਨੁਕਸਾਨ ਦਾ ਸਹੀ ਮੁਲਾਂਕਣ ਕਰਵਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਹੋਣ ਦੀ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਅਤੇ ਹੋਰ ਪ੍ਰਭਾਵਿਤ ਪਰਿਵਾਰਾਂ ਨੂੰ ਭਾਰੀ ਨੁਕਸਾਨ ਸਹਿਣਾ ਪਿਆ ਹੈ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਨੁਕਸਾਨ ਦਾ ਜਾਇਜ਼ਾ ਲੈ ਕੇ ਨਿਯਮਾਂ ਅਨੁਸਾਰ ਬਣਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦੌਰਾਨ ਫ਼ਸਲਾਂ ਦੇ ਨੁਕਸਾਨ ਦੇ ਨਾਲ-ਨਾਲ ਮਕਾਨਾਂ ਅਤੇ ਪਸ਼ੂਆਂ ਦੇ ਨੁਕਸਾਨ ਨੂੰ ਵੀ ਦਰਜ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਪਰਿਵਾਰ ਸਹਾਇਤਾ ਤੋਂ ਵਾਂਝਾ ਨਾ ਰਹੇ। ਪਿੰਡ ਵਾਂਦਰ ਜਟਾਣਾ ਵਿੱਚ ਡੀਜ਼ਲ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਸਪੀਕਰ ਸੰਧਵਾਂ ਨੇ ਆਪਣੀ ਤਨਖ਼ਾਹ ਵਿੱਚੋਂ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਸਪੀਕਰ ਨੇ ਉਨ੍ਹਾਂ ਕਿਸਾਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਆਪਣੇ ਸਾਥੀ ਕਿਸਾਨਾਂ ਦੀ ਮਦਦ ਲਈ ਠੇਕੇ ’ਤੇ ਦਿੱਤੀ ਜ਼ਮੀਨ ਦਾ ਛੇ ਮਹੀਨਿਆਂ ਦਾ ਠੇਕਾ ਛੱਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲਗਭਗ 12 ਤੋਂ 13 ਪਰਿਵਾਰਾਂ ਨੇ 3 ਏਕੜ ਤੋਂ ਲੈ ਕੇ 28 ਏਕੜ ਤੱਕ ਦੇ ਵੱਖ-ਵੱਖ ਰਕਬਿਆਂ ਦਾ ਠੇਕਾ ਛੱਡ ਕੇ ਭਾਈਚਾਰੇ ਅਤੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਜਿਹੇ ਪਰਿਵਾਰਾਂ ਦੇ ਯੋਗਦਾਨ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵੀ ਕਿਹਾ। ਇਸ ਤੋਂ ਬਾਅਦ ਸਪੀਕਰ ਸੰਧਵਾਂ ਨੇ ਪਿੰਡ ਕੋਠੇ ਬੇਰ ਵਾਲੇ ਵਿਖੇ ਵੀ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ ਮਕਾਨ ਦੀ ਛੱਤ ਡਿੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਦਾ ਹਾਲ ਜਾਣਿਆ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਆਏ ਤੇਜ਼ ਝੱਖੜ, ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਸਮੇਤ ਹੋਰ ਜਾਇਦਾਦ ਦਾ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਆਪਣੀਆਂ ਮੰਗਾਂ ਲਿਖਤੀ ਰੂਪ ਵਿੱਚ ਪ੍ਰਸ਼ਾਸਨ ਨੂੰ ਸੌਂਪੀਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਨੁਕਸਾਨ ਦਾ ਮੁਲਾਂਕਣ ਪੂਰੀ ਪਾਰਦਰਸ਼ਤਾ ਨਾਲ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਨੁਕਸਾਨ ਦੀ ਮਿਣਤੀ ਹਰ ਮਰਲੇ ਅਤੇ ਹਰ ਸਰਸਾਈ ਤੱਕ ਕੀਤੀ ਜਾਵੇਗੀ, ਤਾਂ ਜੋ ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਦੇ ਨੁਕਸਾਨ ਦਾ ਸਹੀ ਵੇਰਵਾ ਦਰਜ ਹੋ ਸਕੇ। ਗਿਰਦਾਵਰੀ ਦੀ ਰਿਪੋਰਟ ਜਲਦ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਸਲਾਂ ਤੋਂ ਇਲਾਵਾ ਮਕਾਨਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦੇ ਵੇਰਵਿਆਂ ਨੂੰ ਵੀ ਨਿਯਮਾਂ ਅਨੁਸਾਰ ਵਿਚਾਰਿਆ ਜਾਵੇਗਾ। ਇਸ ਮੌਕੇ ਐੱਸਡੀਐੱਮ ਕੋਟਕਪੂਰਾ ਰਜਿੰਦਰ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਸਰਪੰਚ ਕੌਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।